ਬਹਾਦਰਕੇ ਰੋਡ ਸਥਿਤ ਪ੍ਰਿੰਟਿੰਗ ਫੈਕਟਰੀ ਵਿਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ

Sunday, Oct 18, 2026 - 07:11 PM (IST)

ਬਹਾਦਰਕੇ ਰੋਡ ਸਥਿਤ ਪ੍ਰਿੰਟਿੰਗ ਫੈਕਟਰੀ ਵਿਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਬਹਾਦਰਕੇ ਰੋਡ ਸਥਿਤ ਖਜੂਰ ਵਾਲੀ ਗਲੀ ਵਿੱਚ ਆਰ.ਵੀ. ਨੀਟਸ ਪ੍ਰਿੰਟਿੰਗ ਫੈਕਟਰੀ ਵਿੱਚ ਸ਼ਨੀਵਾਰ ਦੁਪਹਿਰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਮੁੱਢਲਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਕਾਰਨ ਫੈਕਟਰੀ ਵਿੱਚ ਧੂੰਏਂ ਦਾ ਗੁਬਾਰ ਫੈਲ ਗਿਆ, ਜਿਸ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੇ ਕਰੀਬ ਚਾਰ ਘੰਟਿਆਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਲੇਮ ਟਾਬਰੀ ਦੇ ਮੁਖੀ ਜਸਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੂੰ ਦੁਪਹਿਰ ਕਰੀਬ 2 ਵਜੇ ਪ੍ਰਿੰਟਿੰਗ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ।

ਉਨ੍ਹਾਂ ਦੱਸਿਆ ਕਿ ਫੈਕਟਰੀ ਦੀ ਗਰਾਊਂਡ ਫਲੋਰ ਤੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਧੂੰਆਂ ਚਾਰੇ ਪਾਸੇ ਫੈਲ ਗਿਆ। ਫੈਕਟਰੀ ਦੇ ਕਰਮਚਾਰੀਆਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਅੱਗ ਬੁਝਾਉਣ ਲਈ ਸੱਤ ਗੱਡੀਆਂ ਮੌਕੇ ’ਤੇ ਬੁਲਾਈਆਂ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿੱਚ ਅੱਗ ਬੁਝਾਉਣ ਵਾਲੇ ਸੁਰੱਖਿਆ ਉਪਕਰਨਾਂ ਦੀ ਘਾਟ ਕਾਰਨ ਅੱਗ ’ਤੇ ਕਾਬੂ ਪਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਫਾਇਰ ਬ੍ਰਿਗੇਡ ਦੀ ਟੀਮ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਲਗਾਤਾਰ ਯਤਨ ਜਾਰੀ ਰੱਖੇ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ਨੂੰ ਹੋਰ ਫੈਲਣ ਤੋਂ ਰੋਕਦਿਆਂ ਉਸ ’ਤੇ ਕਾਬੂ ਪਾ ਲਿਆ।

ਮੌਕੇ ’ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਰਾਜਨ ਕੁਮਾਰ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਆਲੇ-ਦੁਆਲੇ ਦੀਆਂ ਫੈਕਟਰੀਆਂ ਤੋਂ ਪਾਣੀ ਦੀ ਸਪਲਾਈ ਲਈ ਗਈ। ਇਸ ਤੋਂ ਬਾਅਦ ਟੀਮ ਨੇ ਸਖ਼ਤ ਮੁਸ਼ੱਕਤ ਕਰਦਿਆਂ ਕਰੀਬ ਚਾਰ ਘੰਟਿਆਂ ਵਿੱਚ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਫੈਕਟਰੀ ਦੀ ਦੂਜੀ ਮੰਜ਼ਿਲ ਤੱਕ ਅੱਗ ਪਹੁੰਚਣ ਤੋਂ ਪਹਿਲਾਂ ਹੀ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ ਗਿਆ ਸੀ।

ਥਾਣਾ ਮੁਖੀ ਜਸਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫੈਕਟਰੀ ਵਿਚ ਹੋਏ ਆਰਥਿਕ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


author

Anmol Tagra

Content Editor

Related News