ਪਟਾਕਾ ਕਾਰੋਬਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ, ਮੌਕੇ ਤੋਂ ਫ਼ਰਾਰ ਹੋਏ ਮੁਲਜ਼ਮ

Tuesday, Nov 10, 2026 - 01:27 PM (IST)

ਪਟਾਕਾ ਕਾਰੋਬਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ, ਮੌਕੇ ਤੋਂ ਫ਼ਰਾਰ ਹੋਏ ਮੁਲਜ਼ਮ

ਲੁਧਿਆਣਾ (ਅਨਿਲ, ਰਾਜ) : ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੀ ਦਾਣਾ ਮੰਡੀ 'ਚ ਪਟਾਕਿਆਂ ਦਾ ਕਾਰੋਬਾਰ ਕਰਨ ਵਾਲੇ ਇਕ ਵਪਾਰੀ ’ਤੇ ਕਈ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਵਪਾਰੀ ਦੀ ਪਛਾਣ ਜਗਨਜੋਤ ਸਿੰਘ ਜੇ. ਪੀ. ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਡੀ. ਐੱਮ. ਸੀ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਫਿਲਹਾਲ ਉਸ ਦੀ ਹਾਲਤ ਖ਼ਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਘਟਨਾ ਰਾਤ ਕਰੀਬ 9 ਵਜੇ ਦੀ ਹੈ। ਦਾਣਾ ਮੰਡੀ 'ਚ ਪਟਾਕਿਆਂ ਦੀ ਦੁਕਾਨ ਚਲਾਉਣ ਵਾਲਾ ਜਗਨਜੋਤ ਸਿੰਘ ਜੇ. ਪੀ. ਕਥਿਤ ਤੌਰ ’ਤੇ ਆਪਣੇ ਇਕ ਮੁਲਾਜ਼ਮ ਦੀ ਕੁੱਟਮਾਰ ਕਰ ਰਿਹਾ ਸੀ। ਇਸੇ ਦੌਰਾਨ ਉੱਥੇ ਪਟਾਕੇ ਖਰੀਦਣ ਲਈ ਪਹੁੰਚੇ ਇਕ ਗਾਹਕ ਨੇ ਮੁਲਾਜ਼ਮ ਨੂੰ ਕੁੱਟਣ ਤੋਂ ਰੋਕਦਿਆਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਗੱਲ ਨੂੰ ਲੈ ਕੇ ਪਟਾਕਾ ਕਾਰੋਬਾਰੀ ਅਤੇ ਗਾਹਕ ਵਿਚਕਾਰ ਬਹਿਸਬਾਜ਼ੀ ਸ਼ੁਰੂ ਹੋ ਗਈ।

ਦੇਖਦੇ ਹੀ ਦੇਖਦੇ ਵਿਵਾਦ ਹੱਥੋਪਾਈ ਤੱਕ ਪਹੁੰਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਗਾਹਕ ਨੇ ਫੋਨ ਕਰ ਕੇ ਆਪਣੇ ਕਈ ਸਾਥੀਆਂ ਨੂੰ ਮੌਕੇ ’ਤੇ ਬੁਲਾ ਲਿਆ। ਮੌਕੇ ’ਤੇ ਪਹੁੰਚੇ ਨੌਜਵਾਨਾਂ ਨੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਗਨਜੋਤ ਸਿੰਘ ’ਤੇ ਹਮਲਾ ਕਰ ਦਿੱਤਾ। ਹਮਲੇ 'ਚ ਉਹ ਲਹੂ-ਲੁਹਾਨ ਹੋ ਗਿਆ। ਹਮਲਾ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਤੋਂ ਬਾਅਦ ਜਗਨਜੋਤ ਸਿੰਘ ਨੂੰ ਤੁਰੰਤ ਇਲਾਜ ਲਈ ਡੀ. ਐੱਮ. ਸੀ. ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਚੱਲ ਰਿਹਾ ਹੈ।

ਜਦੋਂ ਇਸ ਮਾਮਲੇ ਸਬੰਧੀ ਥਾਣਾ ਸਲੇਮ ਟਾਬਰੀ ਦੇ ਮੁਖੀ ਜਸਵੀਰ ਸਿੰਘ ਗਿੱਲ ਅਤੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਪਲਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੇ ਸਾਰੇ ਪਹਿਲੂਆਂ ਤੋਂ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਘਟਨਾ ਸਥਾਨ ਅਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ 'ਚ ਲੈ ਕੇ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾ ਕਰਨ ਵਾਲੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਖਮੀ ਜਗਨਜੋਤ ਸਿੰਘ ਜੇ. ਪੀ. ਫਿਲਹਾਲ ਖ਼ਤਰੇ ਤੋਂ ਬਾਹਰ ਹੈ ਅਤੇ ਪੁਲਸ ਵਲੋਂ ਉਸ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News