ਚੰਡੀਗੜ੍ਹ ਵਾਸੀਆਂ ਲਈ ਦੀਵਾਲੀ 'ਤੇ ਪਟਾਕੇ ਚਲਾਉਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
Saturday, Oct 01, 2022 - 11:21 AM (IST)
ਚੰਡੀਗੜ੍ਹ (ਰਾਜਿੰਦਰ) : ਯੂ. ਟੀ. ਪ੍ਰਸ਼ਾਸਨ ਨੇ ਤਿਓਹਾਰਾਂ ਦੇ ਸੀਜ਼ਨ ’ਤੇ ਸ਼ਹਿਰ 'ਚ ਗ੍ਰੀਨ ਪਟਾਕੇ ਚਲਾਉਣ ਦੀ ਇਜ਼ਾਜਤ ਦੇ ਦਿੱਤੀ ਹੈ। ਹੁਣ 2 ਸਾਲ ਬਾਅਦ ਦੀਵਾਲੀ, ਦੁਸਹਿਰੇ ਅਤੇ ਗੁਰਪੁਰਬ ’ਤੇ ਗ੍ਰੀਨ ਪਟਾਕੇ ਚਲਾਏ ਜਾ ਸਕਣਗੇ। ਸ਼ੁੱਕਰਵਾਰ ਨੂੰ ਇਹ ਫ਼ੈਸਲਾ ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਲਿਆ ਗਿਆ। ਹਾਲਾਂਕਿ ਪਟਾਕੇ ਚਲਾਉਣ ਦੀ ਸਮਾਂ ਹੱਦ ਤੈਅ ਕੀਤੀ ਗਈ ਹੈ ਅਤੇ 2 ਘੰਟਿਆਂ ਤੋਂ ਵੱਧ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸ਼ਹਿਰ ਦੇ ਪਟਾਕੇ ਵਿਕਰੇਤਾਵਾਂ ਅਤੇ ਰਾਮਲੀਲਾ ਕਮੇਟੀਆਂ ਵਲੋਂ ਵੀ ਮੰਗ ਕੀਤੀ ਗਈ ਕਿ ਇਸ ਵਾਰ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ 'ਝੋਨੇ' ਦੀ ਸਰਕਾਰੀ ਖ਼ਰੀਦ ਸ਼ੁਰੂ, ਮੰਡੀਆਂ 'ਚ ਕੀਤੇ ਗਏ ਮੁਕੰਮਲ ਪ੍ਰਬੰਧ
ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸੇ ਤਰ੍ਹਾਂ ਦੁਸਹਿਰੇ ’ਤੇ ਰਾਵਣ ਦਹਿਨ ਦੌਰਾਨ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂ ਕਿ ਗੁਰਪਰੁਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਦੀਵਾਲੀ ਅਤੇ ਗੁਰਪੁਰਬ ’ਤੇ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਸੀ ਪਰ ਪਟਾਕੇ ਸਿਰਫ਼ 8 ਤੋਂ 10 ਵਜੇ ਤੱਕ ਹੀ ਚਲਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਪਰਾਲੀ ਸਾੜਨ ਦਾ ਪਹਿਲਾ ਚਲਾਨ, ਰਿਮੋਟ ਸੈਂਸਿੰਗ ਸੈਟੇਲਾਈਟ ਨੇ ਭੇਜੀ ਸੀ ਤਸਵੀਰ
ਇਸ ਤੋਂ ਇਲਾਵਾ ਨੈਸ਼ਨਲ ਗ੍ਰੀਨ ਟ੍ਰਿਬੀਊਨਲ ਨੇ ਉਨ੍ਹਾਂ ਸ਼ਹਿਰਾਂ 'ਚ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ, ਜਿੱਥੇ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਜਾਂ ਘੱਟ ਹੈ। ਇਹ ਵੀ ਕਿਹਾ ਗਿਆ ਸੀ ਕਿ ਸਿਰਫ ਗ੍ਰੀਨ ਪਟਾਕਿਆਂ ਦੀ ਹੀ ਇਜਾਜ਼ਤ ਹੋਵੇਗੀ ਅਤੇ ਉਨ੍ਹਾਂ ਨੂੰ ਦੋ ਘੰਟੇ ਤੋਂ ਵੱਧ ਸਮੇਂ ਲਈ ਨਹੀਂ ਚੱਲਣ ਦਿੱਤਾ ਜਾਵੇਗਾ। ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਵਲੋਂ ਪ੍ਰਾਪਤ ਰਿਪੋਰਟ ਅਨੁਸਾਰ 2020 ਅਤੇ 2021 'ਚ ਦੀਵਾਲੀ ਦੌਰਾਨ ਸ਼ਹਿਰ 'ਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਅਤੇ ਤਸੱਲੀਬਖ਼ਸ਼ ਰਿਹਾ। ਇਹੀ ਕਾਰਨ ਹੈ ਕਿ ਪ੍ਰਸ਼ਾਸਨ ਨੇ ਸ਼ਹਿਰ 'ਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਨੈਸ਼ਨਲ ਐੱਨਵਾਇਰਮੈਂਟਲ ਐਂਡ ਇੰਜੀਨੀਅਰਿੰਗ ਰਿਸਰਚ ਇੰਸਟੀਚਿਊਟ ਵਲੋਂ ਗ੍ਰੀਨ ਪਟਾਕੇ ਤਿਆਰ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ