ਪੰਜਾਬ ’ਚ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ

Tuesday, Oct 15, 2024 - 05:53 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 31 ਅਕਤੂਬਰ ਨੂੰ ਦੀਵਾਲੀ ਦੀ ਰਾਤ ਅੱਠ ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸੇ ਤਰ੍ਹਾਂ 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ ਚਾਰ ਵਜੇ ਤੋਂ ਸਵੇਰੇ ਪੰਜ ਵਜੇ ਅਤੇ ਰਾਤ ਨੂੰ ਨੌਂ ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ।

ਇਸੇ ਤਰ੍ਹਾਂ ਕ੍ਰਿਸਮਸ ਦੀ ਸ਼ਾਮ 25-26 ਦਸੰਬਰ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ ਨੂੰ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਵਿਚ ਸਿਰਫ਼ ਮਨਜ਼ੂਰਸ਼ੁਦਾ ਪਟਾਕਾ ਵਪਾਰੀਆਂ ਨੂੰ ‘ਹਰੇ ਪਟਾਕੇ’ ਦੀ ਵਿਕਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰਾਂ ਵੱਲੋਂ ਆਰਜ਼ੀ ਤੌਰ ’ਤੇ ਲਾਇਸੈਂਸ ਜਾਰੀ ਕੀਤੇ ਜਾਣਗੇ। ਸੂਬਾ ਸਰਕਾਰ ਨੇ ਫਲਿੱਪਕਾਰਟ ਅਤੇ ਐਮਾਜ਼ਾਨ ਸਮੇਤ ਈ-ਕਾਮਰਸ ਪਲੈਟਫਾਰਮਾਂ ’ਤੇ ਸੂਬੇ ਵਿਚ ਆਨਲਾਈਨ ਪਟਾਕੇ ਵੇਚਣ ’ਤੇ ਪਾਬੰਦੀ ਲਗਾਈ ਹੈ। 

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਆਪਕ ਜਨ ਜਾਗਰੂਕਤਾ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਪੁਲਸ ਅਧਿਕਾਰੀਆਂ ਨੂੰ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਿਰਫ਼ ਨਿਰਧਾਰਤ ਸਮੇਂ ਅਤੇ ਪ੍ਰਵਾਨਿਤ ਸਥਾਨਾਂ ’ਤੇ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ।


Gurminder Singh

Content Editor

Related News