ਤਿਉਹਾਰਾਂ ਦੀ ਆਮਦ ਮੌਕੇ ''ਪਟਾਕੇ'' ਚਲਾਉਣ ਦਾ ਸਮਾਂ ਨਿਰਧਾਰਿਤ

10/25/2020 12:03:47 PM

ਹੁਸ਼ਿਆਰਪੁਰ (ਘੁੰਮਣ) : ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਨੰਬਰ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਕੇ-ਆਤਿਸ਼ਬਾਜ਼ੀ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਨਿਰਧਾਰਿਤ ਸਮੇਂ ਤੋਂ ਬਾਅਦ ਪਟਾਕੇ-ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਜਾਰੀ ਕੀਤੇ ਹੁਕਮ ਅਨੁਸਾਰ ਦੀਵਾਲੀ ਵਾਲੇ ਦਿਨ 14 ਨਵੰਬਰ ਨੂੰ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ 30 ਨਵੰਬਰ ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।

ਇਸੇ ਤਰ੍ਹਾਂ 25 ਦਸਬੰਰ ਨੂੰ ਕ੍ਰਿਸਮਸ ਅਤੇ 31 ਦਸੰਬਰ ਦੀ ਰਾਤ ਨੂੰ ਨਵੇਂ ਸਾਲ ਦੀ ਆਮਦ ਮੌਕੇ ਰਾਤ 11.55 ਵਜੇ ਤੋਂ 12.30 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਤੈਅ ਕੀਤੇ ਗਏ ਸਮੇਂ ਤੋਂ ਪਹਿਲਾਂ ਅਤੇ ਬਾਅਦ 'ਚ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਖਾਮੋਸ਼ ਖੇਤਰ (ਸਾਈਲੈਂਸ ਜ਼ੋਨ) ਜਿਵੇਂ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ।


 

Babita

This news is Content Editor Babita