ਨੌਜਵਾਨਾਂ ਨੇ ਗੁੰਡਾਗਰਦੀ ਕਰਦਿਆਂ ਬਜ਼ਾਰ 'ਚ ਸ਼ਰੇਆਮ ਚਲਾਈਆਂ ਗੋਲੀਆਂ, CCTV 'ਚ ਕੈਦ ਹੋਈ ਸਾਰੀ ਵਾਰਦਾਤ

Tuesday, Nov 08, 2022 - 01:03 PM (IST)

ਬਟਾਲਾ (ਗੁਰਪ੍ਰੀਤ) : ਸਿਟੀ ਥਾਣਾ ਬਟਾਲਾ ਤੋਂ ਕੁੱਝ ਹੀ ਦੂਰੀ 'ਤੇ ਬੀਤੀ ਦੇਰ ਰਾਤ ਨਹਿਰੂ ਗੇਟ ਇਲਾਕੇ 'ਚ ਮੋਪਡ ਸਕੂਟੀ ਨੂੰ ਲੈ ਕੇ 2 ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਉਕਤ ਨੌਜਵਾਨਾਂ ਵੱਲੋਂ ਤਿੰਨ ਤੋਂ ਚਾਰ ਰੋਂਦ ਫਾਇਰ ਕੀਤੇ ਗਏ। ਫਾਇਰਿੰਗ ਕਰਨ ਵਾਲੇ ਨੌਜਵਾਨ ਕਿਸੇ ਦੂਜੇ ਨੌਜਵਾਨ ਦੀ ਮੋਪਡ ਸਕੂਟੀ ਲੈ ਕੇ ਫ਼ਰਾਰ ਹੋ ਗਏ। ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾ ਰਿਹਾ।

ਇਹ ਵੀ ਪੜ੍ਹੋ : ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ 5 ਸੁਰੱਖਿਆ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮੌਕੇ 'ਤੇ ਪਹੁੰਚੀ ਪੁਲਸ ਨੇ ਖ਼ਾਲੀ ਖੋਲ ਬਰਾਮਦ ਕੀਤੇ ਅਤੇ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ 'ਤੇ ਕੇਸ ਦਰਜ ਕਰ ਲਿਆ। ਇਹ ਸਾਰੀ ਦਹਿਸ਼ਤ ਭਰੀ ਘਟਨਾ ਸੀ. ਸੀ. ਟੀ. ਵੀ. 'ਚ ਕੈਦ ਹੋ ਗਈ। ਇਸ ਘਟਨਾ ਨੂੰ ਲੈ ਕੇ ਇਲਾਕੇ 'ਚ ਮਾਹੌਲ ਦਹਿਸ਼ਤ ਭਰਿਆ ਬਣਿਆ ਰਿਹਾ। ਘਟਨਾ ਦੇ ਚਸ਼ਮਦੀਦ ਵਿਜੈ ਕੁਮਾਰ ਨੇ ਦੱਸਿਆ ਕਿ ਉਹ ਬਜ਼ਾਰ 'ਚ ਖੜ੍ਹੇ ਸਨ। ਇੰਨੀ ਦੇਰ ਨੂੰ 2 ਨੌਜਵਾਨ ਆਏ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸੀ।

ਇਹ ਵੀ ਪੜ੍ਹੋ : ਅਕਾਲੀ ਦਲ ਦਾ ਵੱਡਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਬਾਹਰ

ਉਨ੍ਹਾਂ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਕ ਮੋਪਡ ਸਕੂਟੀ ਨੂੰ ਲੈ ਕੇ ਫ਼ਰਾਰ ਹੋ ਗਏ। ਦੂਜੇ ਪਾਸੇ ਬਟਾਲਾ ਪੁਲਸ ਦੇ ਸਿਟੀ ਡੀ. ਐੱਸ. ਪੀ. ਲਲਿਤ ਕੁਮਾਰ ਨੇ ਦੱਸਿਆ ਕਿ ਬਜ਼ਾਰ 'ਚ ਹਵਾਈ ਫਾਇਰਿੰਗ ਹੋਣ ਦੀ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ 2 ਖ਼ਾਲੀ ਖੋਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਫ਼ਰਾਰ ਨੌਜਵਾਨਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News