ਘਰ ਦੇ ਬਾਹਰ ਖੜ੍ਹੇ ਮੁੰਡੇ ਦੇ ਮਾਰੀਆਂ ਗੋਲ਼ੀਆਂ! ਪੈ ਗਈਆਂ ਭਾਜੜਾਂ
Sunday, Nov 01, 2026 - 06:10 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਜ਼ਿਲ੍ਹੇ ਦੇ ਪਿੰਡ ਲੰਡੇਰੋਡੇ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਬਦਮਾਸ਼ਾਂ ਨੇ ਸ਼ਰੇਆਮ ਖੂਨ-ਖਰਾਬਾ ਕਰ ਦਿੱਤਾ। ਘਰ ਦੇ ਬਾਹਰ ਖੜ੍ਹੇ ਇਕ ਨੌਜਵਾਨ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਨਾਲ ਭੁੰਨ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੀੜਤ ਨੂੰ ਤੁਰੰਤ ਇਲਾਜ ਲਈ ਮੁਕਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਬੇਹੱਦ ਚਿੰਤਾਜਨਕ ਬਣੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪੀੜਤ ਇੰਦਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਇਸੇ ਦੌਰਾਨ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਉੱਥੇ ਪਹੁੰਚੇ ਅਤੇ ਉਸ ’ਤੇ ਤਾਬੜਤੋੜ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਅਚਾਨਕ ਹੋਏ ਹਮਲੇ ਵਿਚ ਇਕ ਗੋਲ਼ੀ ਇੰਦਰਜੀਤ ਦੀਆਂ ਪਸਲੀਆਂ ਵਿਚ ਜਾ ਲੱਗੀ, ਜਿਸ ਨਾਲ ਉਹ ਲਹੂ-ਲੁਹਾਨ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੇ ਭਰਾ ਜਸਕਰਨ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀਆਂ ਅੱਖਾਂ ਨਾਲ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਆਪਣੇ ਭਰਾ ’ਤੇ ਜਾਨਲੇਵਾ ਹਮਲਾ ਕਰਦਿਆਂ ਦੇਖਿਆ ਹੈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਇਹ ਪੂਰੀ ਵਾਰਦਾਤ ਕਥਿਤ ਤੌਰ ’ਤੇ ਪਿੰਡ ਦੇ ਹੀ ਇਕ ਨੰਬਰਦਾਰ ਦੀ ਸ਼ਹਿ ’ਤੇ ਅੰਜਾਮ ਦਿੱਤੀ ਗਈ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਪੁਲਸ ਦਾ ਦਾਅਵਾ ਹੈ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
