ਪੁਲਸ ਮੁਲਾਜ਼ਮ ਦੇ ਪੁੱਤ ਨੇ ਗੁਆਂਢੀਆਂ ''ਤੇ ਕਰ''ਤੀ ਫਾਇਰਿੰਗ
Sunday, Mar 08, 2026 - 12:14 PM (IST)
ਖੰਨਾ (ਵਿਪਨ): ਬੀਤੀ ਰਾਤ ਪਾਇਲ ਦੇ ਵਾਰਡ ਨੰਬਰ 7 ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਪੁਲਸ ਮੁਲਾਜ਼ਮ ਦੇ ਪੁੱਤ ਵੱਲੋਂ ਆਪਣੇ ਗੁਆਂਢੀਆਂ ਉੱਪਰ ਗੋਲ਼ੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ। ਇਸ ਫਾਇਰਿੰਗ ਦੌਰਾਨ ਇਕ ਵਿਅਕਤੀ ਨੂੰ ਗੋਲ਼ੀ ਲੱਗਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਹਾਲਤ ਨਾਜ਼ੁਕ ਹੋਣ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਵਿਚ ਦੋਸ਼ੀ ਨੌਜਵਾਨ ਇਕ ਪੰਜਾਬ ਹੋਮਗਾਰਡ ਜਵਾਨ ਦਾ ਪੁੱਤ ਹੈ, ਜਿਸ ਦਾ ਪਿਤਾ ਇਸ ਸਮੇਂ ਸਾਹਨੇਵਾਲ ਥਾਣੇ ਵਿਚ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਗੁਆਂਢੀਆਂ ਨਾਲ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਗੁੱਸੇ ਵਿਚ ਆ ਕੇ ਨੌਜਵਾਨ ਨੇ ਅਸਲੇ ਨਾਲ ਫਾਇਰਿੰਗ ਕਰ ਦਿੱਤੀ। ਗੋਲ਼ੀਆਂ ਚਲਣ ਦੀ ਆਵਾਜ਼ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਾਇਰਿੰਗ ਦੌਰਾਨ ਇਕ ਗੋਲ਼ੀ ਇਕ ਵਿਅਕਤੀ ਨੂੰ ਲੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਵੱਲੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੱਗੇ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਣ ’ਤੇ ਪਾਇਲ ਪੁਲਸ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਇਲਾਕੇ ਦੀ ਸਥਿਤੀ ਨੂੰ ਕਾਬੂ ਵਿਚ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਕੁਝ ਸਮੇਂ ਲਈ ਤਣਾਅਪੂਰਨ ਮਾਹੌਲ ਬਣਿਆ ਰਿਹਾ। ਇਸ ਮਾਮਲੇ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਵੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਗੱਲ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੇ ਵਿਅਕਤੀਆਂ ਨੂੰ ਅਸਲਾ ਕਿਹੜੇ ਮਾਪਦੰਡਾਂ ਅਤੇ ਕਿਸ ਦੀ ਸਿਫਾਰਸ਼ ’ਤੇ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇ ਅਸਲੇ ਦਾ ਗਲਤ ਇਸਤੇਮਾਲ ਹੋ ਰਿਹਾ ਹੈ ਤਾਂ ਜਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਦੂਜੇ ਪਾਸੇ ਪਾਇਲ ਦੇ ਡੀ.ਐੱਸ.ਪੀ. ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਸ ਵੱਲੋਂ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਅਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਇਲਾਕੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਸਚੇਤ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
