ਫਗਵਾੜਾ ''ਚ ਨਵੇਂ ਕਾਨੂੰਨ ਮੁਤਾਬਕ ਦਰਜ ਹੋਇਆ ਭਾਰਤੀ ਨਿਆਂ ਸੰਹਿਤਾ ਦੇ ਅਧੀਨ ਪਹਿਲਾ ਮਾਮਲਾ

07/04/2024 12:29:30 PM

ਫਗਵਾੜਾ (ਜਲੋਟਾ)- ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਫਗਵਾੜਾ ਦੀ ਸਿਟੀ ਪੁਲਸ ਵੱਲੋਂ 1 ਜੁਲਾਈ ਤੋਂ ਦੇਸ਼ ਭਰ 'ਚ ਲਾਗੂ ਭਾਰਤੀ ਨਿਆਂ ਸੰਹਿਤਾ ਤਹਿਤ ਪਹਿਲਾ ਮਾਮਲਾ ਦਰਜ ਕਰਨ ਦੀ ਅਹਿਮ ਸੂਚਨਾ ਪ੍ਰਾਪਤ ਹੋਈ ਹੈ। ਜ਼ਿਲ੍ਹਾ ਕਪੂਰਥਲਾ ਦੀ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਫਗਵਾੜਾ ਵਿੱਚ ਭਾਰਤੀ ਨਿਆਂ ਸੰਹਿਤਾ ਤਹਿਤ ਦਰਜ ਹੋਇਆ ਇਹ ਆਪਣੀ ਕਿਸਮ ਦਾ ਪਹਿਲਾ ਮਾਮਲਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਾ ਦੇਵੀ ਪਤਨੀ ਚੰਦਨ ਕੁਮਾਰ ਵਾਸੀ ਬਿਹਾਰ ਹਾਲ ਵਾਸੀ ਜ਼ਿਲ੍ਹਾ ਗੋਪਾਲਗੰਜ, ਬਿਹਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਖ਼ੁਲਾਸਾ ਕੀਤਾ ਹੈ ਕਿ ਉਸ ਦਾ ਵਿਆਹ ਚੰਦਨ ਕੁਮਾਰ ਨਾਲ ਸਾਲ 2014 ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਹੋਇਆ ਸੀ। ਇਸ ਤੋਂ ਬਾਅਦ ਉਹ 2023 ਤੋਂ ਅਰਬਨ ਅਸਟੇਟ ਫਗਵਾੜਾ ਦੀ ਕੋਠੀ ਨੰਬਰ 316 ਵਿੱਚ ਰਹਿ ਰਹੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਅਕਾਲੀ ਦਲ ਨੂੰ ਝਟਕਾ, ਸੀਨੀਅਰ ਆਗੂ ਪਾਰਟੀ ਨੂੰ ਅਲਵਿਦਾ ਕਹਿ 'ਆਪ' ਹੋਇਆ ਸ਼ਾਮਲ

ਅੰਮ੍ਰਿਤਾ ਦੇਵੀ ਨੇ ਐੱਸ. ਐੱਸ. ਪੀ. ਕਪੂਰਥਲਾ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦਾ ਪਤੀ ਚੰਦਨ ਕੁਮਾਰ ਉਸ ਨੂੰ ਅਤੇ ਉਸ ਦੇ ਬੱਚਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਪੁਲਸ ਨੇ ਉਸ ਦੇ ਪਤੀ ਚੰਦਨ ਕੁਮਾਰ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਤਿੰਨ ਕੇਸ ਦਰਜ ਕੀਤੇ ਹੋਏ ਹਨ, ਜਿਨ੍ਹਾਂ ਵਿੱਚ ਉਹ ਨਾਭਾ ਜੇਲ੍ਹ, ਪਟਿਆਲਾ ਵਿੱਚ ਬੰਦ ਸੀ। ਜੇਲ੍ਹ ਵਿੱਚ ਰਹਿੰਦਿਆਂ ਉਸ ਦੇ ਪਤੀ ਚੰਦਨ ਕੁਮਾਰ ਨੇ ਉਸ ਨੂੰ ਅਤੇ ਉਸ ਦੇ ਬੱਚਿਆਂ ਨੂੰ ਮੋਬਾਇਲ ਫੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਜਿਸ ਦਾ ਵੇਰਵਾ ਉਸ ਨੇ ਐੱਸ. ਐੱਸ. ਪੀ. ਕਪੂਰਥਲਾ ਨੂੰ ਪਹਿਲਾਂ ਦਿੱਤੀ ਸ਼ਿਕਾਇਤ ਵਿੱਚ ਲਿਖਤੀ ਰੂਪ ਵਿੱਚ ਦਰਜ ਕਰਵਾਇਆ ਹੈ।

ਹੁਣ ਜਦੋਂ ਉਸ ਦਾ ਪਤੀ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਕੇ ਅਰਬਨ ਅਸਟੇਟ ਫਗਵਾੜਾ ਸਥਿਤ ਉਨ੍ਹਾਂ ਦੇ ਘਰ ਆਇਆ ਤਾਂ ਉਸ ਨੇ ਉਸ ਨੂੰ ਦਿੱਤੀਆਂ ਧਮਕੀਆਂ ਅਨੁਸਾਰ ਉਸ ਦੀ ਕੁੱਟਮਾਰ ਕੀਤੀ ਅਤੇ ਬੱਚਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਥਾਣਾ ਸਿਟੀ ਪੁਲਸ ਨੇ ਅੰਮ੍ਰਿਤਾ ਦੇਵੀ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਚੰਦਨ ਕੁਮਾਰ ਖ਼ਿਲਾਫ਼ ਧਾਰਾ 79, 351 (2), ਬੀ. ਐੱਨ. ਐੱਸ. ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮੁਲਜ਼ਮ ਚੰਦਨ ਕੁਮਾਰ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਪੁਲਸ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਡਟੇ ਰਾਜਾ ਵੜਿੰਗ, ਕਾਫਲਾ ਰੁਕਵਾ ਚੱਖਿਆ ਗੋਲ-ਗੱਪਿਆਂ ਦਾ ਸਵਾਦ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News