ਜਲੰਧਰ ਨਗਰ ਨਿਗਮ ਦੇ ਕੌਂਸਲਰ ਹਾਊਸ ਦੀ ਹੋਈ ਪਹਿਲੀ ਮੀਟਿੰਗ, ਵਿਰੋਧੀ ਧਿਰ ਨੇ ਕੀਤਾ ਖ਼ੂਬ ਹੰਗਾਮਾ
Thursday, Mar 20, 2025 - 07:11 PM (IST)

ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਨਗਰ ਨਿਗਮ ਦੇ ਕੌਂਸਲਰ ਹਾਊਸ ਦੀ ਪਹਿਲੀ ਮੀਟਿੰਗ ਅੱਜ ਰੈੱਡ ਕਰਾਸ ਭਵਨ ਵਿਖੇ ਕੀਤੀ ਗਈ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ, ਕੌਂਸਲਰ ਅਤੇ ਹੋਰ ਅਧਿਕਾਰੀ ਮੌਜੂਦ ਸਨ ਅਤੇ ਅਧਿਕਾਰੀਆਂ ਨੇ ਕੌਂਸਲਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੀਟਿੰਗ ਵਿੱਚ ਅਗਲੇ ਸਾਲ ਲਈ ਨਿਗਮ ਦਾ ਸਾਲਾਨਾ ਬਜਟ ਵੀ ਪਾਸ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਬਹੁਤ ਹੰਗਾਮਾ ਹੋਇਆ। ਕਾਂਗਰਸ ਵੱਲੋਂ ਕੀਤੇ ਹੰਗਾਮੇ ਕਾਰਨ ਮੀਟਿੰਗ ਕੁਝ ਸਮੇਂ ਲਈ ਰੁਕੀ ਰਹੀ।
ਖ਼ਬਰ ਮਿਲੀ ਹੈ ਕਿ ਮੇਅਰ ਵਿਨੀਤ ਧੀਰ ਸ਼ਹਿਰ ਨੂੰ ਸਾਫ਼ ਕਰਨ ਦੀ ਯੋਜਨਾ ਬਾਰੇ ਦੱਸ ਰਹੇ ਸਨ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧੀ ਕੌਂਸਲਰਾਂ ਨੇ ਦੋਸ਼ ਲਾਇਆ ਕਿ ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਗੰਦਗੀ ਕਾਰਨ ਲੋਕਾਂ ਨੂੰ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵੱਲੋਂ ਝੂਠੇ ਵਾਅਦੇ ਕਰਨ ਦੇ ਦੋਸ਼ ਲਗਾਏ ਗਏ ਹਨ।
ਇਹ ਵੀ ਪੜ੍ਹੋ : Punjab: YouTuber ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਪੰਨੂ ਨਾਲ ਜੁੜੇ ਤਾਰ, ਹੋਏ ਵੱਡੇ ਖ਼ੁਲਾਸੇ
ਮੇਅਰ ਨੇ ਸ਼ਹਿਰ ਦੇ ਕਈ ਵੱਡੇ ਮੁੱਦੇ ਚੁੱਕੇ ਜਿਵੇਂ ਕਿ ਮੈਨ ਪਾਵਰ, ਸੀਵਰੇਜ, ਸਟਰੀਟ ਲਾਈਟਾਂ ਆਦਿ। ਉਨ੍ਹਾਂ ਕਿਹਾ ਕਿ ਜੋ ਵੀ ਮੁੱਦੇ ਹਨ, ਉਨ੍ਹਾਂ ਨੂੰ ਮਿਲ ਕੇ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ ਮਸ਼ੀਨਰੀ ਦੀ ਘਾਟ ਦੀ ਸਮੱਸਿਆ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਸਥਿਤ ਕੂੜੇ ਦੇ ਡੰਪਾਂ ਨੂੰ ਕਵਰ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਰਾਹਗੀਰਾਂ ਨੂੰ ਕੂੜੇ ਤੋਂ ਛੁਟਕਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਨਵੇਂ ਕਰਮਚਾਰੀਆਂ ਦੀ ਭਰਤੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਖੁੱਲ੍ਹੇ ਵਿੱਚ ਕੂੜਾ ਸੁੱਟਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਆਉਣ ਵਾਲੇ ਸਮੇਂ ਵਿੱਚ ਨਹਿਰਾਂ ਨੂੰ ਗੰਦਗੀ ਤੋਂ ਮੁਕਤ ਕੀਤਾ ਜਾਵੇਗਾ ਅਤੇ ਨਹਿਰ ਦੀਆਂ ਸੀਮਾਵਾਂ 'ਤੇ ਫੇਸਿੰਗ ਲਗਾਈ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ: ਬਦਲਦੇ ਮੌਸਮ ਕਾਰਨ ਪੰਜਾਬ ਵਾਸੀਆਂ ਲਈ ਖੜ੍ਹੀ ਹੋ ਰਹੀ ਇਹ ਵੱਡੀ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e