ਪਿਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਗੋਲਡੀ ਕੰਬੋਜ ਦਾ ਪਹਿਲਾ ਬਿਆਨ ਆਇਆ ਸਾਹਮਣੇ
Friday, Apr 21, 2023 - 07:48 PM (IST)

ਫਾਜ਼ਿਲਕਾ/ਜਲਾਲਾਬਾਦ : ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਪਿਤਾ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਵਿਧਾਇਕ ਗੋਲਡੀ ਕੰਬੋਜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹੈ, ਜਿਸ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਗੋਲਡੀ ਨੇ ਕਿਹਾ ਕਿ ਕੱਲ੍ਹ ਸ਼ਾਮ ਨੂੰ ਉਨ੍ਹਾਂ ਨੂੰ ਇਕ ਫੋਨ ਕਾਲ ਆਈ ਸੀ ਤੇ ਮੈਂ ਸ਼ਿਕਾਇਤਕਰਤਾ ਨੂੰ ਕਿਹਾ ਕਿ ਤੁਸੀਂ ਆਪਣੀ ਸ਼ਿਕਾਇਤ ਦਰਜ ਕਰਵਾਓ ਤੇ ਸ਼ਿਕਾਇਤਕਰਤਾ ਨੇ ਉਨ੍ਹਾਂ ਦੇ ਪਿਤਾ ਸਮੇਤ 4 ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਗੋਲਡੀ ਨੇ ਕਿਹਾ ਕਿ ਜੋ ਵੀ ਮੁਲਜ਼ਮ ਹੋਵੇਗਾ, ਚਾਹੇ ਉਹ ਆਮ ਆਦਮੀ ਪਾਰਟੀ ਦਾ ਹੋਵੇ ਜਾਂ ਕੋਈ ਹੋਰ, ਜੋ ਵੀ ਗਲਤ ਕੰਮ ਕਰੇਗਾ, ਉਹ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਬੇਰਹਿਮੀ ਦੀ ਹੱਦ ਪਾਰ! ਖਾਣ ਲਈ ਧੁੱਪ ਦਿੰਦੇ ਸਨ ਮਾਪੇ, ਭੁੱਖ ਨਾਲ ਤੜਫ-ਤੜਫ ਮਰਿਆ ਇਕ ਮਹੀਨੇ ਦਾ ਮਾਸੂਮ
ਜ਼ਿਕਰਯੋਗ ਹੈ ਕਿ ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਦੇ ਕਿਸੇ ਵਿਅਕਤੀ ਵੱਲੋਂ ਉਨ੍ਹਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਵਾਈ ਗਈ ਸੀ। ਜਾਣਕਾਰੀ ਮੁਤਾਬਕ 'ਆਪ' ਵਿਧਾਇਕ ਦੇ ਪਿਤਾ ਸਮੇਤ 4 ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਧਾਇਕ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਵਾਲੇ ਵਿਅਕਤੀ ਨੇ ਦੱਸਿਆ ਕਿ ਸੁਰਿੰਦਰ ਕੰਬੋਜ ਨੇ ਉਸ 'ਤੇ ਜਬਰ-ਜ਼ਿਨਾਹ ਦੇ ਝੂਠੇ ਕੇਸ 'ਚ ਫਸਾਉਣ ਦਾ ਕੋਸ਼ਿਸ਼ ਕੀਤੀ ਅਤੇ ਉਸ ਕੋਲੋਂ 10 ਲੱਖ ਰੁਪਏ ਦੀ ਮੰਗ ਕੀਤੀ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।