ਹੜ੍ਹਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

08/22/2019 7:14:12 PM

ਜਲੰਧਰ/ਸੁਲਤਾਨਪੁਰ ਲੋਧੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਜਲੰਧਰ ਅਤੇ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਜਾਇਜ਼ਾ ਲੈਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਹੜ੍ਹਾਂ ਦੇ ਪੱਕੇ ਹੱਲ ਲਈ ਅਤੇ ਬੰਨ੍ਹਾਂ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਵਰਲਡ ਬੈਂਕ ਨੂੰ ਪ੍ਰਾਜੈਕਟ ਬਣਾ ਕੇ ਭੇਜ ਰਹੀ ਹੈ ਤਾਂ ਜੋ ਇਨ੍ਹਾਂ ਬੰਨ੍ਹਾਂ ਨੂੰ ਚੌੜਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਨਦੀਆਂ ਦੇ ਵਹਾਅ ਨੂੰ ਦੁਰੱਸਤ ਕੀਤਾ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਵਰਲਡ ਬੈਂਕ ਅਤੇ ਏਸ਼ੀਅਨ ਡਿਵੈੱਲਪਮੈਂਟ ਬੈਂਕ ਦੀ ਮਦਦ ਲਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ 'ਚ ਪਿਛਲੇ ਦਿਨ ਪਈ ਭਾਰੀ ਬਾਰਿਸ਼ ਕਰਕੇ ਹੜ੍ਹਾਂ ਨਾਲ ਪੰਜਾਬ ਦੇ ਕਈ ਇਲਾਕਿਆਂ 'ਚ ਖਾਸਾ ਨੁਕਸਾਨ ਹੋਇਆ ਅਤੇ ਅਸੀਂ ਉਦੋਂ ਤੋਂ ਹੀ ਜ਼ਮੀਨੀ ਪੱਧਰ 'ਤੇ ਹਰ ਹਾਲਾਤ 'ਤੇ ਨਜ਼ਰ ਬਣਾਈ ਰੱਖੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਜਲੰਧਰ ਅਤੇ ਸੁਲਤਾਨਪੁਰ ਲੋਧੀ ਵਿਖੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਨਾਲ ਵਿਸਥਾਰ ਨਾਲ ਬੈਠਕ ਕੀਤੀ ਹੈ। 


ਕੈਪਟਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ, ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ ਅਤੇ ਹੋਰ ਚੀਜ਼ਾਂ ਤੁਰੰਤ ਮੁਹੱਈਆ ਕਰਵਾਉਣ ਅਤੇ ਪੀੜਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਗੱਲ 'ਤੇ ਤਵਜੋ ਦਿੱਤੀ ਜਾ ਰਹੀ ਹੈ ਕਿ ਕਿਤੇ ਕੋਈ ਜਾਨੀ ਨੁਕਸਾਨ ਨਾ ਹੋਵੇ ਕਿਉਂਕਿ ਚੀਜ਼ਾਂ ਤਾਂ ਫਿਰ ਬਣ ਜਾਣਗੀਆਂ ਅਤੇ ਲੋਕਾਂ ਦੀ ਜ਼ਿੰਦਗੀ ਵੱਧ ਪਿਆਰੀ ਹੈ। ਉਨ੍ਹਾਂ ਕਾਹ ਕਿ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਹੜ੍ਹ ਕਾਰਨ ਹੋਏ ਨੁਕਸਾਨ ਦਾ ਪੀੜਤਾਂ ਨੂੰ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ।

shivani attri

This news is Content Editor shivani attri