ਸੁਲਤਾਨਪੁਰ ਲੋਧੀ 'ਚ ਸਿਹਤ ਮੰਤਰੀ ਬਲਬੀਰ ਸਿੱਧੂ ਅੱਜ ਹੜ੍ਹ ਪੀੜਤ ਇਲਾਕਿਆਂ ਦਾ ਕਰਨਗੇ ਦੌਰਾ
Saturday, Aug 24, 2019 - 10:11 AM (IST)

ਸੁਲਤਾਨਪੁਰ ਲੋਧੀ (ਓਬਰਾਏ)— ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਜਿੱਥੇ ਉਹ ਪੀੜਤਾਂ ਨਾਲ ਗੱਲਬਾਤ ਕਰਨਗੇ, ਉਥੇ ਹੀ ਅਧਿਕਾਰੀਆਂ ਤੋਂ ਕੰਮਾਂ ਦਾ ਜਾਇਜ਼ਾ ਵੀ ਲੈਣਗੇ। ਬੀਤੇ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਤਾਂ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ। ਬਲਬੀਰ ਸਿੰਘ ਸਿੱਧੂ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਦੌਰਾ ਕੀਤਾ ਗਿਆ ਸੀ।
ਬੀਤੇ ਦਿਨ ਹਰਸਿਮਰਤ ਕੌਰ ਬਾਦਲ ਵੱਲੋਂ ਹੜ੍ਹ ਪੀੜਤਾਂ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਰਾਹਤ ਸਮੱਗਰੀ ਭੇਟ ਕੀਤੀ ਗਈ ਸੀ। ਦੱਸ ਦੇਈਏ ਕਿ ਬੇਸ਼ੱਕ ਹੁਣ ਭਾਵੇਂ ਪਾਣੀ ਦਾ ਪੱਧਰ ਘਟ ਗਿਆ ਹੈ ਪਰ ਪਿੰਡਾਂ 'ਚ ਪਾਣੀ ਹੋਣ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਦਾ ਡਰ ਸਤਾਉਣ ਲੱਗਾ ਹੈ। ਘਰ ਪਾਣੀ ਦੀ ਲਪੇਟ 'ਚ ਆਉਣ ਕਰਕੇ ਲੋਕ ਘਰਾਂ ਦੀਆਂ ਛੱਤਾਂ 'ਤੇ ਰਹਿਣ ਨੂੰ ਮਜਬੂਰ ਹੋਏ ਪਏ ਹਨ।