ਹੜ੍ਹ ਪੀੜਤਾ ਦੀ ਮਦਦ ਲਈ ਅੱਗੇ ਆਏ ਬਾਜਵਾ, ਦੇਣਗੇ ਇਕ ਮਹੀਨੇ ਦੀ ਤਨਖਾਹ

08/24/2019 6:17:15 PM

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੀ ਇਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਦੱਸਿਆ ਕਿ ਬਾਜਵਾ ਨੇ ਇਹ ਫੈਸਲਾ ਅੱਜ ਜਲੰਧਰ ਅਤੇ ਕਪੂਰਥਲਾ ਜ਼ਿਲਿਆਂ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਿਦਾਇਤਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਲਦੇਵ ਸਿੰਘ ਸਰਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹ ਪੀੜਤ ਖੇਤਰਾਂ ਵਿਚ ਜਾ ਕੇ ਛੇਤੀ ਤੋਂ ਛੇਤੀ ਬਿਜਲੀ ਸਪਲਾਈ ਬਹਾਲ ਕਰਨ ਦੇ ਕੰਮ ਦਾ ਜਾਇਜ਼ਾ ਲਿਆ। 

ਇਸ ਮੌਕੇ ਬਾਜਵਾ ਨੇ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਦੇ ਪਾਣੀ ਵਿਚ ਘਿਰੇ ਪਸ਼ੂਆਂ ਲਈ ਖੁਰਾਕ ਅਤੇ ਦਵਾਈਆਂ ਮੁਹੱਈਆ ਕਰਾਉਣ ਦੇ ਕਾਰਜਾਂ ਦੀ ਵੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜਲੰਧਰ ਦੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ-ਵੱਖ ਬਲਾਕਾਂ ਦੇ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੋਂ ਵਿਭਾਗ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।


Gurminder Singh

Content Editor

Related News