ਪਟਿਆਲਾ : ਸੰਘਣੀ ਧੁੰਦ ਨਾਲ ਜਨ ਜੀਵਨ ਪ੍ਰਭਾਵਿਤ, ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ

Monday, Dec 15, 2025 - 12:11 PM (IST)

ਪਟਿਆਲਾ : ਸੰਘਣੀ ਧੁੰਦ ਨਾਲ ਜਨ ਜੀਵਨ ਪ੍ਰਭਾਵਿਤ, ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ

ਪਟਿਆਲਾ (ਮਨਦੀਪ ਜੋਸਨ) : ਦਸੰਬਰ ਮਹੀਨਾ ਸ਼ੁਰੂ ਹੋਣ ਨਾਲ ਹੀ ਉੱਤਰੀ ਭਾਰਤ ਸਮੇਤ ਪੰਜਾਬ ਦੇ ਕਈ ਇਲਾਕਿਆਂ ’ਚ ਸੰਘਣੀ ਧੁੰਦ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਪਟਿਆਲਾ ਸ਼ਹਿਰ ਅੰਦਰ ਵੀ ਸਵੇਰੇ ਅਤੇ ਦੇਰ ਸ਼ਾਮ ਪੈ ਰਹੀ ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਦੀ ਚਾਦਰ ਕਾਰਨ ਵਿਜ਼ੀਬਿਲਟੀ ਘੱਟ ਹੋਣ ਨਾਲ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਬਹੁਤ ਹੌਲੀ ਹੋ ਗਈ ਹੈ, ਜਿਸ ਨਾਲ ਦਫ਼ਤਰ ਜਾਣ ਵਾਲੇ ਕਰਮਚਾਰੀ, ਵਿਦਿਆਰਥੀ ਤੇ ਹੋਰ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਠੰਡ ਕਾਰਨ ਸਵੇਰੇ ਸਮੇਂ ਵਿਜ਼ੀਬਿਲਟੀ ਕਈ ਥਾਵਾਂ ’ਤੇ 20 ਤੋਂ 30 ਮੀਟਰ ਤੱਕ ਹੀ ਰਹਿ ਗਈ ਹੈ। ਇਸ ਕਾਰਨ ਰੋਡਵੇਜ਼ ਦੀਆਂ ਬੱਸਾਂ, ਨਿੱਜੀ ਵਾਹਨਾਂ ਅਤੇ ਦੋ ਪਹੀਆ ਸਵਾਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ’ਤੇ ਛੋਟੇ-ਮੋਟੇ ਸੜਕ ਹਾਦਸਿਆਂ ਦੀਆਂ ਵੀ ਖ਼ਬਰਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਟਰੈਫਿਕ ਪੁਲਸ ਵੱਲੋਂ ਡਰਾਈਵਰਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।

ਦੂਸਰੇ ਪਾਸੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਤਾਪਮਾਨ ’ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਰਾਤਾਂ ਹੋਰ ਠੰਡੀ ਹੋਣਗੀਆਂ ਅਤੇ ਸਵੇਰੇ ਸਮੇਂ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਇਸ ਨੂੰ ਦੇਖਦਿਆਂ ਮੌਸਮ ਵਿਭਾਗ ਨੇ ਕਈ ਜ਼ਿਲਿਆਂ ’ਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਲੋਕ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਸਫ਼ਰ ਦੌਰਾਨ ਫੋਗ ਲਾਈਟਾਂ ਦੀ ਵਰਤੋਂ ਜ਼ਰੂਰ ਕਰਨ।

ਜ਼ਿਆਦਾ ਠੰਡ ਸਬਜ਼ੀਆਂ ਲਈ ਨੁਕਸਾਨਦਾਇਕ

ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਕਾਰਨ ਖੇਤੀਬਾੜੀ ਨਾਲ ਜੁੜੇ ਕਿਸਾਨਾਂ ਦਾ ਕਹਿਣਾ ਹੈ ਕਿ ਧੁੰਦ ਅਤੇ ਠੰਡ ਕਾਰਨ ਸਰੋਂ ਅਤੇ ਸਬਜ਼ੀਆਂ ਦੀਆਂ ਫ਼ਸਲਾਂ ’ਤੇ ਮਿਲਾ-ਜੁਲਾ ਪ੍ਰਭਾਵ ਪੈ ਸਕਦਾ ਹੈ। ਹਾਲਾਂਕਿ ਮਾਹਿਰਾਂ ਅਨੁਸਾਰ ਹਲਕੀ ਧੁੰਦ ਫ਼ਸਲਾਂ ਲਈ ਲਾਭਦਾਇਕ ਵੀ ਹੋ ਸਕਦੀ ਹੈ, ਪਰ ਜ਼ਿਆਦਾ ਠੰਡ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੌਸਮ ਸਬੰਧੀ ਚਿਤਾਵਨੀਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

ਬੱਚਿਆਂ, ਬਜ਼ੁਰਗਾਂ ਨੂੰ ਸਾਵਧਾਨੀ ਵਰਤਣ ਦੀ ਲੋੜ

ਗੱਲਬਾਤ ਕਰਦਿਆਂ ਸੀਨੀਅਰ ਡਾ. ਅਸ਼ੋਕ ਜੋਸ਼ੀ ਨੇ ਕਿਹਾ ਕਿ ਸੰਘਣੀ ਧੁੰਦ ਅਤੇ ਵਧ ਰਹੀ ਠੰਡ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਅਜਿਹੇ ਮੌਸਮ ’ਚ ਜ਼ੁਕਾਮ, ਖੰਘ, ਦਮਾ ਅਤੇ ਦਿਲ ਨਾਲ ਸਬੰਧਤ ਬੀਮਾਰੀਆਂ ਵਧਣ ਦਾ ਖ਼ਤਰਾ ਰਹਿੰਦਾ ਹੈ। ਡਾ. ਜੋਸ਼ੀ ਨੇ ਸਲਾਹ ਦਿੱਤੀ ਕਿ ਜ਼ਿਆਦਾ ਧੁੰਦ ਜਾਂ ਠੰਡ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਗਰਮ ਕੱਪੜੇ, ਗਰਮ ਪਾਣੀ ਤੇ ਪੌਸ਼ਟਿਕ ਖੁਰਾਕ ਦਾ ਖ਼ਾਸ ਧਿਆਨ ਰੱਖਿਆ ਜਾਵੇ।


author

Gurminder Singh

Content Editor

Related News