ਫੂਡ ਪ੍ਰੋਸੈਸਿੰਗ ਕੰਪਨੀਆਂ ਤੋਂ ਹੜ੍ਹ ਪੀੜਤਾਂ ਦੀ ਰਾਹਤ ਲਈ ਮਿਲਿਆ ਭਰਵਾਂ ਹੁੰਗਾਰਾ  : ਹਰਸਿਮਰਤ

Wednesday, Aug 21, 2019 - 10:44 PM (IST)

ਚੰਡੀਗੜ੍ਹ,(ਅਸ਼ਵਨੀ): ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਪੰਜਾਬ 'ਚ ਹੜ੍ਹ ਪੀੜਤਾਂ ਦੀ ਮੱਦਦ ਲਈ ਫੂਡ ਪ੍ਰੋਸੈਸਿੰਗ ਕੰਪਨੀਆਂ ਨੂੰ ਸੁੱਕਾ ਰਾਸ਼ਨ ਦਾਨ ਕਰਨ ਲਈ ਕੀਤੀ ਅਪੀਲ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਇਹ ਸੁੱਕਾ ਰਾਸ਼ਨ ਹੜ੍ਹ ਪੀੜਤਾਂ ਵਿਚ ਵੰਡਿਆ ਜਾਵੇਗਾ। ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਫੂਡ ਕੰਪਨੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਅਕਾਲੀ ਦਲ ਦੇ ਵਰਕਰਾਂ ਅਤੇ ਵਾਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਹਤ ਸਮੱਗਰੀ ਨੂੰ ਲੋੜਵੰਦਾਂ ਤੀਕ ਪਹੁੰਚਾਉਣ 'ਚ ਉਨ੍ਹਾਂ ਦੀ ਮੱਦਦ ਕਰਨ।

ਉਨ੍ਹਾਂ ਨੇ ਲੋਕਾਂ ਨੂੰ ਸਭ ਤੋਂ ਵੱਧ ਹੜ੍ਹ-ਪ੍ਰਭਾਵਿਤ ਥਾਵਾਂ ਦੀ ਸ਼ਨਾਖਤ ਕਰਨ ਦੀ ਅਪੀਲ ਕੀਤੀ ਤਾਂ ਕਿ ਉਸ ਮੁਤਾਬਿਕ ਰਾਹਤ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ। ਹਰਸਿਮਰਤ ਨੇ ਕਿਹਾ ਕਿ ਵਲੰਟੀਅਰ ਅਜਿਹੀਆਂ ਥਾਵਾਂ ਦੀ ਜਾਣਕਾਰੀ ਮੇਰੇ ਨਾਲ ਸਾਂਝੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗਲੇ ਕੁੱਝ ਦਿਨਾਂ ਦੌਰਾਨ ਉਹ ਇਸ ਰਾਹਤ ਸਮੱਗਰੀ ਨੂੰ ਆਪਣੀ ਨਿਗਰਾਨੀ ਹੇਠ ਲੋੜਵੰਦਾਂ ਤੀਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਕੋਲੋਂ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਹਨ ਕਿ ਹੜ੍ਹਾਂ ਦੇ ਪਾਣੀ ਨੇ ਰੋਪੜ ਅਤੇ ਆਨੰਦਪੁਰ ਸਾਹਿਬ ਦੇ ਬਹੁਤ ਸਾਰੇ ਪਿੰਡਾਂ ਵਿਚ ਹਜ਼ਾਰਾਂ ਏਕੜ ਝੋਨੇ ਦੀ ਫਸਲ ਤਬਾਹ ਕਰ ਦਿੱਤੀ ਹੈ ਅਤੇ ਸੁਲਤਾਨਪੁਰ ਲੋਧੀ, ਸ਼ਾਹਕੋਟ ਅਤੇ ਫਿਲੌਰ 'ਚ ਪੀੜਤ ਲੋਕਾਂ ਤਕ ਅਜੇ ਢੁਕਵੀ ਰਾਹਤ ਨਹੀਂ ਪੁੱਜੀ ਹੈ।


Related News