ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ''ਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰੋਸੈਸਿੰਗ ਉਦਯੋਗ : ਸੋਨੀ

10/28/2020 12:27:28 AM

ਚੰਡੀਗੜ੍ਹ,(ਸ਼ਰਮਾ)-ਫੂਡ ਪ੍ਰੋਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫੂਡ ਪ੍ਰੋਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਉਦੋਂ ਹੋਰ ਜ਼ਿਆਦਾ ਉਤਸ਼ਾਹਿਤ ਹੋਵੇਗਾ, ਜਦੋਂ ਉਸ ਨੂੰ ਇਹ ਭਰੋਸਾ ਹੋਵੇਗਾ ਕਿ ਉਸ ਵਲੋਂ ਉਗਾਈ ਗਈ ਫ਼ਸਲ ਵਾਜਬ ਮੁੱਲ 'ਤੇ ਖਰੀਦ ਲਈ ਜਾਵੇਗੀ।

ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ 'ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਨਾਲ-ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲ ਸਕੇ। ਫੂਡ ਪ੍ਰੋਸੈਸਿੰਗ ਖੇਤਰ ਹੀ ਕਿਸਾਨਾਂ ਲਈ ਸਭ ਤੋਂ ਵੱਧ ਲਾਭਦਾਇਕ ਖੇਤਰ ਸਾਬਿਤ ਹੋ ਸਕਦਾ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਵਲੋਂ ਇਕ ਐਡਵਾਇਜ਼ਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢ ਕੇ ਲਾਹੇਵੰਦ ਖੇਤੀ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਇਸ ਮੌਕੇ ਸ਼ਾਹਕੋਟ ਏਰੀਏ ਵਿਚ ਖ਼ਰਬੂਜੇ ਦੀ ਫਸਲ ਨੂੰ ਹੋਰ ਲਾਹੇਵੰਦ ਬਣਾਉਣ ਦੀ ਦਿਸ਼ਾ ਵਿਚ ਕੰਮ ਕਰਨ ਲਈ ਕਿਹਾ। ਵਧੀਕ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਅਤੇ ਫੂਡ ਪ੍ਰੋਸੈਸਿੰਗ ਸਨਅਤਾਂ ਵਿਚ ਵਧੀਆ ਤਾਲਮੇਲ ਸਥਾਪਿਤ ਕਰਵਾਇਆ ਜਾਵੇ, ਜਿਸ ਨਾਲ ਕਿਸਾਨਾਂ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਲਾਭ ਹੋ ਸਕੇ।

ਡਾਇਰੈਕਟਰ ਫੂਡ ਪ੍ਰੋਸੈਸਿੰਗ ਮਨਜੀਤ ਸਿੰਘ ਬਰਾੜ ਨੇ ਇਸ ਮੌਕੇ ਕਮੇਟੀ ਮੈਂਬਰਾਂ ਨੂੰ ਸਰਕਾਰ ਵਲੋਂ ਫੂਡ ਪ੍ਰੋਸੈਸਿੰਗ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਮੇਟੀ ਮੈਂਬਰ ਭਵਦੀਪ ਸਰਦਾਨਾ ਨੇ ਸੂਬੇ ਦੇ ਸਾਰੇ ਬਰਾਂਡਾਂ ਲਈ ਆਈ. ਐੱਸ. ਆਈ. ਵਰਗਾ ਮਾਰਕਾ ਸਥਾਪਿਤ ਕਰਨ ਦਾ ਸੁਝਾਅ ਦਿੱਤਾ। ਇਸ ਤੋਂ ਇਲਾਵਾ ਪੰਜਾਬ ਰਾਜ ਦੀ ਕੁਆਲਿਟੀ ਕੰਟਰੋਲ ਸੰਸਥਾ ਬਣਾਉਣ ਦੀ ਵੀ ਤਜਵੀਜ਼ ਪੇਸ਼ ਕੀਤੀ, ਜੋ ਕਿ ਪੰਜਾਬ ਵਿਚ ਤਿਆਰ ਹੋਣ ਵਾਲੇ ਫੂਡ ਪ੍ਰੋਸੈਸਿੰਗ ਅਧੀਨ ਆਉਣ ਵਾਲੇ ਹਰ ਤਰ੍ਹਾਂ ਦੇ ਉਤਪਾਦਾਂ ਦੀ ਗੁਣਵੱਤਾ ਨੂੰ ਤਸਦੀਕ ਕਰਦੀ ਹੋਵੇ। ਇਸ ਮੌਕੇ ਕਮੇਟੀ ਮੈਂਬਰ ਡਾ. ਏ.ਆਰ. ਸ਼ਰਮਾ, ਵਿਜੇ ਗਰਗ, ਪਿਆਰਾ ਲਾਲ ਸੇਠ ਨੇ ਵੀ ਆਪਣੇ ਸੁਝਾਅ ਦਿੱਤੇ। ਕਮੇਟੀ ਮੈਂਬਰਾਂ ਦੇ ਵਿਚਾਰਾਂ ਨਾਲ ਸਹਿਮਤ ਹੁੰਦਿਆਂ ਸੋਨੀ ਨੇ ਕਿਹਾ ਕਿ ਦਿੱਤੇ ਗਏ ਸੁਝਾਵਾਂ ਨੂੰ ਲਾਗੂ ਕਰਵਾਉਣ ਲਈ ਜਲਦੀ ਹੀ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਨਗੇ।

 


Deepak Kumar

Content Editor

Related News