ਵਿਜੀਲੈਂਸ ਵਲੋਂ ਸਹਾਇਕ ਫੂਡ ਸਪਲਾਈ ਅਫਸਰ ਰਿਸ਼ਵਤ ਲੈਂਦਾ ਕਾਬੂ

10/22/2019 8:46:24 AM

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਬੀਤੇ ਦਿਨ ਝੂਨੀਰ ਜ਼ਿਲਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਫਸਰ ਸੁਖਦੇਵ ਸਿੰਘ ਨੂੰ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ, ਮਾਨਸਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਅਫਸਰ ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ 'ਚ ਉਸ ਦੀ ਮਦਦ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


Babita

Content Editor

Related News