ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਜਾਰੀ

Saturday, May 14, 2022 - 03:45 PM (IST)

ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਜਾਰੀ

ਚੰਡੀਗੜ੍ਹ(ਰਮਨਜੀਤ) : ਪੰਜਾਬ ਦੇ ਸਮੂਹ ਡਿੱਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਵਿਭਾਗ ਵਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ :- ਬਚਪਨ ’ਚ ਟਰੈਫਿਕ ਸਿਗਨਲ ’ਤੇ ਵੇਚੇ ਫੁੱਲ, PHD ਮਗਰੋਂ ਹੁਣ ਸਰਿਤਾ ਮਾਲੀ 7 ਸਾਲ ਅਮਰੀਕਾ 'ਚ ਕਰੇਗੀ ਖੋਜ

ਪੰਜਾਬ ਭਰ ਦੇ ਡਿੱਪੂ ਹੋਲਡਰਾਂ ਨਾਲ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਡਿੱਪੂ ਹੋਲਡਰਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੈ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੰਤਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਸਰਕਾਰ ਭਰਪੂਰ ਕੋਸ਼ਿਸ਼ ਕਰ ਰਹੀ ਹੈ ਕਿ ਡਿੱਪੂ ਹੋਲਡਰਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਉਨ੍ਹਾਂ ਨੂੰ ਆਪਣੇ ਡਿੱਪੂਆਂ ’ਤੇ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ।

ਇਹ ਵੀ ਪੜ੍ਹੋ :- ਨਸ਼ਿਆਂ ’ਤੇ ਕੰਟਰੋਲ ਦੇ ਮਾਮਲੇ ’ਚ CM ਮਾਨ ਦੀ ਸਿਆਸਤਦਾਨਾਂ 'ਤੇ ਵੀ ਨਜ਼ਰ, ਗੰਭੀਰਤਾ ਤੋਂ ਅਧਿਕਾਰੀ ਸਹਿਮੇ

ਦੱਸ ਦਈਏ ਕਿ ਮਾਰਕਫੈੱਡ ਇਕ ਮਸ਼ਹੂਰ ਅਦਾਰਾ ਹੈ ਜਿਸ ਕਾਰਣ ਇਸ ਦੇ ਉਤਪਾਦਾਂ ਦੀ ਬਾਜ਼ਾਰ ਵਿਚ ਬਹੁਤ ਮੰਗ ਹੈ, ਜਿਸ ਨਾਲ ਇਨ੍ਹਾਂ ਉਤਪਾਦਾਂ ਨੂੰ ਵੇਚ ਕੇ ਡਿੱਪੂ ਹੋਲਡਰ ਵੀ ਆਪਣੀ ਆਮਦਨ ਵਿਚ ਚੋਖਾ ਵਾਧਾ ਕਰ ਸਕਦੇ ਹਨ। ਮੰਤਰੀ ਨੇ ਇਹ ਵੀ ਕਿਹਾ ਕਿ ਡਿੱਪੂ ਹੋਲਡਰਾਂ ਵਲੋਂ ਆਪਣਾ ਕਮਿਸ਼ਨ ਵਧਾਏ ਜਾਣ ਅਤੇ ਕਿਸੇ ਵੀ ਕਾਰਣ ਕਰ ਕੇ ਯੋਗ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡ ਆਦਿ ਮੁੱਦੇ 'ਤੇ ਵੀ ਸਰਕਾਰ ਧਿਆਨ ਦੇ ਰਹੀ ਹੈ ਜਿਨ੍ਹਾਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ :- ਦੁਖ਼ਦ ਖ਼ਬਰ: ਬਿਆਸ ਦਰਿਆ ’ਚ ਨਹਾਉਣ ਗਏ ਦੋ ਨੌਜਵਾਨ ਪਾਣੀ ’ਚ ਡੁੱਬੇ, ਹੋਈ ਮੌਤ

ਲਾਲ ਚੰਦ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਵਿਭਾਗ ਦੇ ਕੰਮਕਾਜ ਵਿਚ ਪੂਰੀ ਤਰ੍ਹਾਂ ਪਾਰਦਰਸ਼ਤਾ ਵਰਤੀ ਜਾ ਰਹੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ’ਤੇ ਅਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਭਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਰਲ-ਮਿਲ ਕੇ ਇਕ ਨਵਾਂ, ਤਰੱਕੀਸ਼ੁਦਾ ਅਤੇ ਖੁਸ਼ਹਾਲ ਪੰਜਾਬ ਸਿਰਜੀਏ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਅਭਿਨਵ ਤ੍ਰਿਖਾ ਅਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਫੈਡਰੇਸ਼ਨ ਦੇ ਵਾਈਸ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News