ਸਵੈ-ਇੱਛਾ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ ਜ਼ਬਰਦਸਤੀ ਧਰਮ ਪਰਿਵਰਤਨ : ਐਡਵੋਕੇਟ ਧਾਮੀ
Tuesday, Jan 10, 2023 - 10:08 PM (IST)
ਫਤਿਹਗੜ੍ਹ ਸਾਹਿਬ (ਜਗਦੇਵ)-ਮਾਣਯੋਗ ਸੁਪਰੀਮ ਕੋਰਟ ਵੱਲੋਂ ਧਰਮ ਪਰਿਵਰਤਨ ਨੂੰ ਸਿਆਸੀ ਰੰਗਤ ਨਾ ਦਿੱਤੇ ਜਾਣ ਦੇ ਦਿੱਤੇ ਪ੍ਰਤੀਕਰਮ ’ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਦੇ ਵੀ ਸਵੈ-ਇੱਛਾ ਤੋਂ ਬਿਨਾਂ ਜ਼ਬਰਦਸਤੀ ਧਰਮ ਪਰਿਵਰਤਨ ਨਹੀਂ ਕੀਤਾ ਜਾਂਦਾ। ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਦੇ ਪੋਤੇ ਜਪਨਿਰਮੋਲਕ ਸਿੰਘ ਦੇ ਜਨਮ ਦਿਨ ਦੀ ਖ਼ੁਸੀ ਦੇ ਸਬੰਧ ਵਿਚ ਰਖਵਾਏ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਮਾਗਮ ’ਚ ਸ਼ਮੂਲੀਅਤ ਕਰਨ ਲਈ ਪਹੁੰਚੇ ਸਨ।
ਇਹ ਖ਼ਬਰ ਵੀ ਪੜ੍ਹੋ : ਸੰਘਣੀ ਧੁੰਦ ਦਾ ਕਹਿਰ, ਭਿਆਨਕ ਸੜਕ ਹਾਦਸੇ ਨੇ ਘਰ ’ਚ ਵਿਛਾਏ ਸੱਥਰ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਪ੍ਰਕਾਰ ਦੇ ਲਾਲਚ ਦੇ ਕੇ ਜਬਰੀ ਧਰਮ ਪਰਿਵਰਤਨ ਕਰਵਾਉਣ ਦੇ ਖ਼ਿਲਾਫ਼ ਹੈ ਪਰ ਸਿੱਖ ਧਰਮ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਚੱਲਦੇ ਹੋਏ ਵਿਦੇਸ਼ਾਂ ’ਚ ਵੀ ਫੈਲਿਆ ਹੋਇਆ ਹੈ ਅਤੇ ਉਨ੍ਹਾਂ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਸਿੱਖ ਧਰਮ ਵਿਦੇਸ਼ੀ ਖੁਦ ਸਿੱਖ ਧਰਮ ਗ੍ਰਹਿਣ ਕਰ ਰਹੇ ਹਨ । ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਮੂਲੀਅਤ ਕੀਤੇ ਜਾਣ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋ ਕੇ ਕੋਈ ਵੀ ਵਿਅਕਤੀ ਅਤੇ ਵੱਖ-ਵੱਖ ਬਣੇ ਦਲ ਕਾਮਯਾਬ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਲੰਮੇਂ ਸਮੇਂ ਤੋਂ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਨੂੰ ਜਲਦੀ ਨੇਪਰੇ ਚਾੜ੍ਹ ਕੇ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ ਦੇ ਰੂਪ ਵਿਚ ਇਹ ਦਸਤਖਤ ਸੌਂਪੇ ਜਾਣਗੇ।
ਉਨ੍ਹਾਂ ਕਿਹਾ ਕਿ ਮੋਹਾਲੀ ਵਿਖੇ ਚੱਲ ਰਹੇ ਸਿੱਖ ਜਥੇਬੰਦੀਆਂ ਦੀ ਰਿਹਾਈ ਲਈ ਧਰਨੇ ਵਿਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਦੀਪ ਸਿੰਘ ਚੀਮਾ, ਜਥੇਦਾਰ ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਮਨਮੋਹਣ ਸਿੰਘ ਮਕਾਰੋਪੁਰ, ਸ਼ਰਨਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ ਬੱਬਲ ਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।