ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਜ਼ਰੂਰੀ : ਧਰਮਸੌਤ
Sunday, Mar 21, 2021 - 01:26 AM (IST)

ਚੰਡੀਗੜ੍ਹ,(ਕਮਲ)- ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਮੁੜ ਹਰਿਆ-ਭਰਿਆ ਬਣਾਉਣ ਅਤੇ ਮਨੁੱਖੀ ਜੀਵਨ ਲਈ ਨਰੋਆ ਵਾਤਾਵਰਣ ਯਕੀਨੀ ਬਨਾਉਣ ਲਈ ਜੰਗਲਾਂ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਇਸ ਕਰ ਕੇ ਅੰਤਰਰਾਸ਼ਟਰੀ ਜੰਗਲਾਤ ਦਿਵਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪੂਰੇ ਜੋਸ਼ ਨਾਲ ਅੱਗੇ ਆਉਣਾ ਚਾਹੀਦਾ ਹੈ।
ਧਰਮਸੌਤ ਨੇ ਅੰਤਰਰਾਸ਼ਟਰੀ ਜੰਗਲਾਤ ਦਿਵਸ ਦੀ ਪੂਰਬਲੀ ਸ਼ਾਮ ਆਪਣੇ ਸੰਦੇਸ਼ ਵਿਚ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ’ਚ ਪਿਛਲੇ ਚਾਰ ਸਾਲਾਂ ਦੌਰਾਨ ‘ਘਰ-ਘਰ ਹਰਿਆਲੀ’ ਸਕੀਮ ਅਧੀਨ ਸਭ ਤੋਂ ਵੱਧ ਇਕ ਕਰੋੜ ਬੂਟੇ ਲਗਾ ਕੇ ਪੰਜਾਬ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਅੱਗੇ ਕਿਹਾ, “ਅਸੀਂ ਇਸ ਸਾਲ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਸਮਾਗਮ ਨੂੰ ਇਸੇ ਉਤਸ਼ਾਹ ਨਾਲ ਮਨਾਵਾਂਗੇ ਅਤੇ ਸਾਫ-ਸੁਥਰੇ ਵਾਤਾਵਰਣ ਦੇ ਮਿਸ਼ਨ ਨੂੰ ਅੱਗੇ ਵਧਾਵਾਂਗੇ।’’
ਇਸ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਜੰਗਲਾਤ ਮੰਤਰੀ ਨੇ ਅਪੀਲ ਕੀਤੀ ਕਿ ਉਹ ਜਨਮਦਿਨ ਅਤੇ ਤਿਉਹਾਰਾਂ ਵਰਗੇ ਮੌਕਿਆਂ ’ਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਹੋਰਾਂ ਨੂੰ ਵੀ ਉਤਸ਼ਾਹਿਤ ਕਰਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਵੀ ਸਫਲਤਾ ਪੂਰਵਕ ਮੁਕੰਮਲ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰੇ-ਭਰੇ ਜੰਗਲ ਅਤੇ ਸਾਫ-ਸੁਥਰਾ ਵਾਤਾਵਰਣ ਸਾਨੂੰ ਜਾਨਲੇਵਾ ਵਾਇਰਸਾਂ ਤੋਂ ਬਚਾਉਣ ਵਿਚ ਮਹੱਤਵਪੂਰਣ ਭੂਮਿਕਾ ਅਦਾ ਕਰਦੇ ਹਨ।