ਵੱਡੀ ਖ਼ਬਰ : ਨਿੱਜੀ ਯੂਨੀਵਰਸਿਟੀ ਮਾਮਲੇ 'ਚ SIT ਦਾ ਗਠਨ, DGP ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
Monday, Sep 19, 2022 - 01:04 PM (IST)
ਮੋਹਾਲੀ : ਮੋਹਾਲੀ ਦੀ ਇਕ ਨਿੱਜੀ ਯੂਨੀਵਰਸਿਟੀ 'ਚ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਬਣਾਈ ਗਈ ਇਸ ਕਮੇਟੀ ਦੀ ਅਗਵਾਈ ਸੀਨੀਅਰ ਅਧਿਕਾਰੀ ਗੁਰਪ੍ਰੀਤ ਕੌਰ ਦਿਓ ਵੱਲੋਂ ਕੀਤੀ ਜਾਵੇਗੀ। ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਚ ਯੂਨੀਵਰਸਿਟੀ ਨੂੰ ਇਕ ਹਫ਼ਤੇ ਲਈ ਕੀਤਾ ਗਿਆ ਬੰਦ
ਇਸ ਦੇ ਨਾਲ ਹੀ ਪ੍ਰਾਈਵੇਸੀ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਨੇ ਸਭ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੁਲਸ ਨੇ ਕੁੜੀ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਡੂੰਘਾਈ ਤੱਕ ਜਾਵਾਂਗੇ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਅਸੀਂ ਸਭ ਸਮਾਜ ਦਾ ਹਿੱਸਾ ਹਾਂ ਅਤੇ ਸਮਾਜ 'ਚ ਸ਼ਾਂਤੀ ਕਾਇਮ ਰੱਖਣਾ ਸਾਡਾ ਸਭ ਦਾ ਫਰਜ਼ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ