ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਵਿਜੀਲੈਂਸ ਨੂੰ ਪੱਤਰ ਲਿਖ ਕੇ ਪੁੱਛਿਆ, ਜਾਂਚ ਲਈ ਕਦੋਂ ਬੁਲਾਓਗੇ?
Friday, Dec 30, 2022 - 01:00 AM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਭਾਰਤ ਪਰਤਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਪੱਤਰ ਲਿਖ ਕੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਵਿਜੀਲੈਂਸ ਵਲੋਂ ਕੀਤੀ ਜਾ ਰਹੀ ਜਾਂਚ ਵਿਚ ਸ਼ਾਮਲ ਹੋਣ ਲਈ ਕਦੋਂ ਬੁਲਾਇਆ ਜਾਵੇਗਾ?ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਲਿਖੇ ਪੱਤਰ ਵਿਚ ਸਾਬਕਾ ਆਈ. ਏ. ਐੱਸ. ਅਧਿਕਾਰੀ ਸਰਵੇਸ਼ ਕੌਸ਼ਲ ਨੇ ਲਿਖਿਆ ਹੈ ਕਿ ਉਹ ਜੂਨ, 2022 ਵਿਚ ਸ਼ੁਰੂ ਕੀਤੀ ਗਈ ਆਪਣੀ ਅਮਰੀਕਾ ਯਾਤਰਾ ਪੂਰਾ ਕਰਕੇ 20 ਦਸੰਬਰ ਨੂੰ ਭਾਰਤ ਪਰਤ ਆਏ ਹਨ ਅਤੇ ਵਿਜੀਲੈਂਸ ਬਿਊਰੋ ਵਲੋਂ ਲੋੜ ਅਨੁਸਾਰ ਜਾਂਚ ਵਿਚ ਸ਼ਾਮਲ ਕੀਤੇ ਜਾਣ ਦਾ ਇੰਤਜ਼ਾਰ ਕਰ ਰਹੇ ਹਨ।
ਕੌਸ਼ਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਵਿਜੀਲੈਂਸ ਵਲੋਂ ਉਨ੍ਹਾਂ ਲਈ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਕੌਸ਼ਲ ਨੇ ਕਿਹਾ ਕਿ ਸਤੰਬਰ, 2022 ਵਿਚ ਇਹ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਇਹ ਪਤਾ ਲਗਾਉਣ ਦੀ ਬਿਲਕੁਲ ਕੋਸ਼ਿਸ਼ ਨਹੀਂ ਕੀਤੀ ਗਈ ਸੀ ਕਿ ਉਹ ਜੂਨ, 2022 ਤੋਂ ਅਮਰੀਕਾ ਗਏ ਹੋਏ ਸਨ, ਸਗੋਂ ਲੁੱਕ ਆਊਟ ਨੋਟਿਸ ਦੇ ਕਾਰਣ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਭਾਰਤ ਪਰਤਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਆਖਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਉਕਤ ਐੱਲ.ਓ.ਸੀ. ’ਤੇ ਰੋਕ ਲਗਾਉਣ ਤੋਂ ਬਾਅਦ ਹੀ ਉਨ੍ਹਾਂ ਦੀ ਭਾਰਤ ਵਾਪਸੀ ਸੰਭਵ ਹੋ ਸਕੀ।
ਮਾਮਲਾ ਹਾਈ ਕੋਰਟ ’ਚ ਵਿਚਾਰ ਅਧੀਨ ਹੈ ਪਰ ਫਿਰ ਵੀ ਜਾਂਚ ’ਚ ਸ਼ਾਮਲ ਹੋਣ ਲਈ ਹਾਂ ਤਿਆਰ
ਸਾਬਕਾ ਮੁੱਖ ਸਕੱਤਰ ਕੌਸ਼ਲ ਨੇ ਕਿਹਾ ਕਿ ਹਾਲਾਂਕਿ ਵਿਜੀਲੈਂਸ ਵਲੋਂ ਜਿਸ ਕਥਿਤ ਸਿੰਚਾਈ ਘਪਲੇ ਦੀ ਜਾਂਚ ਵਿਚ ਉਨ੍ਹਾਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸ ਦੀ ਜਾਂਚ ਤੇ ਉਨ੍ਹਾਂ ਨੂੰ ਸੰਮਨ ਕਰਨ ਦੀ ਪ੍ਰਕਿਰਿਆ ਦੀ ਕਾਨੂੰਨੀ ਵੈਧਤਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚਾਰ ਅਧੀਨ ਹੈ ਅਤੇ ਅਗਲੀ ਸੁਣਵਾਈ 8 ਫਰਵਰੀ, 2023 ਨੂੰ ਹੋਣੀ ਹੈ ਪਰ ਉਹ ਜਾਂਚ ਦੀ ਪ੍ਰਕਿਰਿਆ ਵਿਚ ਸ਼ਾਮਲ ਹੋਣ ਦੀ ਇੱਛਾ ਰੱਖਦੇ ਹਨ, ਇਸ ਲਈ ਵਿਜੀਲੈਂਸ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਬੁਲਾਏ ਜਾਣ ਦੀਆਂ ਤਰੀਕਾਂ ਨਿਸ਼ਚਿਤ ਕਰਕੇ ਸੂਚਿਤ ਕਰਨਾ ਹੋਵੇਗਾ ਤਾਂ ਜੋ ਉਹ ਜਨਵਰੀ, 2023 ਵਿਚ ਆਪਣੇ ਨਜ਼ਦੀਕੀਆਂ ਕੋਲ ਜਾਣ ਦਾ ਪ੍ਰੋਗਰਾਮ ਉਸੇ ਅਨੁਸਾਰ ਤੈਅ ਕਰ ਸਕਣ।