ਸਾਬਕਾ ਮੁੱਖ ਸਕੱਤਰ ਦੀਆਂ ਵਧੀਆਂ ਮੁਸ਼ਕਲਾਂ, ਕੇਂਦਰ ਵੱਲੋਂ ਭ੍ਰਿਸ਼ਟਾਚਾਰ ਮਾਮਲੇ ''ਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ
Friday, Feb 20, 2026 - 07:37 PM (IST)
ਨਵੀਂ ਦਿੱਲੀ/ਚੰਡੀਗੜ੍ਹ (ਹਿਤੇਸ਼) : ਕੇਂਦਰ ਸਰਕਾਰ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (IAS) ਦੇ ਖ਼ਿਲਾਫ਼ ਸਾਲ 2009 ਦੇ ਇੱਕ ਰਿਸ਼ਵਤਖੋਰੀ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ (DoPT) ਵੱਲੋਂ 11 ਫਰਵਰੀ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਜੰਜੂਆ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 19 ਤਹਿਤ ਕਾਰਵਾਈ ਕੀਤੀ ਜਾਵੇਗੀ।
ਕੀ ਹੈ ਪੂਰਾ ਮਾਮਲਾ?
ਇਹ ਮਾਮਲਾ 9 ਨਵੰਬਰ 2009 ਦਾ ਹੈ, ਜਦੋਂ ਵਿਜੇ ਕੁਮਾਰ ਜੰਜੂਆ ਪੰਜਾਬ ਦੇ ਉਦਯੋਗ ਅਤੇ ਕਾਮਰਸ ਵਿਭਾਗ ਵਿੱਚ ਡਾਇਰੈਕਟਰ-ਕਮ-ਸਕੱਤਰ ਵਜੋਂ ਤਾਇਨਾਤ ਸਨ। ਲੁਧਿਆਣਾ ਦੇ ਇੱਕ ਉਦਯੋਗਪਤੀ ਤੁਲਸੀ ਰਾਮ ਮਿਸ਼ਰਾ ਨੇ ਸ਼ਿਕਾਇਤ ਕੀਤੀ ਸੀ ਕਿ ਜੰਜੂਆ ਨੇ ਉਨ੍ਹਾਂ ਦੇ ਪਲਾਟ ਦੇ ਨਾਲ ਲੱਗਦੀ ਖਾਲੀ ਜ਼ਮੀਨ ਅਲਾਟ ਕਰਨ ਬਦਲੇ 6 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਅਨੁਸਾਰ, ਜੰਜੂਆ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਰਿਸ਼ਵਤ ਨਹੀਂ ਦਿੱਤੀ ਗਈ ਤਾਂ ਉਸ ਦਾ ਜਾਇਜ਼ ਕੰਮ ਵੀ ਲਟਕਦਾ ਰਹੇਗਾ।
ਵਿਜੀਲੈਂਸ ਦਾ ਜਾਲ ਅਤੇ ਗ੍ਰਿਫ਼ਤਾਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੇ ਆਧਾਰ 'ਤੇ ਜਾਲ ਵਿਛਾਇਆ ਅਤੇ 9 ਨਵੰਬਰ 2009 ਨੂੰ ਜੰਜੂਆ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਦਫ਼ਤਰ (ਉਦਯੋਗ ਭਵਨ) ਵਿੱਚ 2 ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਜਦੋਂ ਉਨ੍ਹਾਂ ਦੇ ਹੱਥ ਸੋਡੀਅਮ ਕਾਰਬੋਨੇਟ ਦੇ ਘੋਲ ਵਿੱਚ ਪੁਆਏ ਗਏ ਤਾਂ ਘੋਲ ਦਾ ਰੰਗ ਗੁਲਾਬੀ ਹੋ ਗਿਆ, ਜੋ ਰਿਸ਼ਵਤ ਦੇ ਨੋਟਾਂ ਨੂੰ ਹੱਥ ਲਗਾਉਣ ਦਾ ਪੁਖਤਾ ਸਬੂਤ ਸੀ। ਤਲਾਸ਼ੀ ਦੌਰਾਨ ਰਿਸ਼ਵਤ ਦੀ ਰਕਮ ਜੰਜੂਆ ਦੇ ਮੇਜ਼ ਦੀ ਦਰਾਜ਼ ਵਿੱਚੋਂ ਬਰਾਮਦ ਕੀਤੀ ਗਈ ਸੀ।
ਅਦਾਲਤੀ ਕਾਰਵਾਈ ਅਤੇ ਤਾਜ਼ਾ ਸਥਿਤੀ
ਇਸ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 15 ਸਤੰਬਰ 2023 ਦੇ ਹੁਕਮਾਂ ਅਤੇ ਪੰਜਾਬ ਸਰਕਾਰ ਦੀ ਤਜਵੀਜ਼ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਇਸ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਕੇਂਦਰੀ ਵਿਜੀਲੈਂਸ ਕਮਿਸ਼ਨ (CVC) ਦੀ ਸਲਾਹ ਅਤੇ ਜਾਂਚ ਰਿਪੋਰਟਾਂ ਦੇ ਗੰਭੀਰ ਅਧਿਐਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੇ ਕੁਮਾਰ ਜੰਜੂਆ ਪੰਜਾਬ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋ ਚੁੱਕੇ ਹਨ, ਪਰ ਹੁਣ ਉਨ੍ਹਾਂ ਨੂੰ ਇਸ ਪੁਰਾਣੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਦਾਲਤੀ ਕਟਹਿਰੇ ਵਿੱਚ ਖੜ੍ਹਨਾ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
