ਅਹਿਮ ਖ਼ਬਰ : ਪੰਜਾਬ ਦੇ 3-4 ਹੋਰ ਸਾਬਕਾ ਕਾਂਗਰਸੀ ਮੰਤਰੀ ਰਾਡਾਰ 'ਤੇ, CM ਮਾਨ ਤੱਕ ਪੁੱਜੀਆਂ ਫਾਈਲਾਂ
Sunday, Jun 19, 2022 - 09:50 AM (IST)
ਜਲੰਧਰ (ਧਵਨ) : ਪੰਜਾਬ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਭਾਵੇਂ ਇਕ ਸਾਬਕਾ ਮੰਤਰੀ ਅਤੇ ਇਕ ਸਾਬਕਾ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਦੂਜੇ ਪਾਸੇ ਹੁਣ ਕਾਂਗਰਸ ਦੇ 3-4 ਹੋਰ ਸਾਬਕਾ ਮੰਤਰੀਆਂ ਦੀਆਂ ਫਾਈਲਾਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚ ਗਈਆਂ ਹਨ। ਮੁੱਖ ਮੰਤਰੀ ਦੇ ਕਰੀਬੀਆਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਨੇ ਜਾਂਚ ਅਧਿਕਾਰੀਆਂ ਨੂੰ ਇਸ ਸਬੰਧੀ ਸਬੂਤ ਇਕੱਠੇ ਕਰਨ ਅਤੇ ਫਿਰ ਕਾਰਵਾਈ ਕਰਨ ਲਈ ਕਿਹਾ ਹੈ ਤਾਂ ਜੋ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗਾਣਾ 'ਬੰਬੀਹਾ ਬੋਲੇ' ਬਣਿਆ ਕਤਲ ਦਾ ਅਹਿਮ ਕਾਰਨ
ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਸਾਬਕਾ ਮੰਤਰੀਆਂ 'ਚ ਕੈਬਨਿਟ ਰੈਂਕ ਦੇ ਮੰਤਰੀ ਵੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕਿਸੇ ਵੇਲੇ ਵੀ ਜਾਂਚ ਦਾ ਕੰਮ ਸ਼ੁਰੂ ਹੋ ਸਕਦਾ ਹੈ। ਦੱਸਿਆ ਜਾਂਦਾ ਹੈ ਕਿ ਜਾਂਚ ਅਫ਼ਸਰਾਂ ਨੇ ਇਨ੍ਹਾਂ ਸਾਬਕਾ ਮੰਤਰੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦੱਸੇ ਅਨੁਸਾਰ ਉਹ ਸਬੂਤ ਇਕੱਠੇ ਕਰਨ 'ਚ ਲੱਗੇ ਹੋਏ ਹਨ। ਦੂਜੇ ਪਾਸੇ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਿਸੇ ਨਾਲ ਸਮਝੌਤਾ ਨਹੀਂ ਕਰਨਗੇ। ਉਹ ਨਾ ਤਾਂ ਇਕ ਪੈਸਾ ਖ਼ੁਦ ਖਾਣਗੇ ਅਤੇ ਨਾ ਹੀ ਕਿਸੇ ਨੂੰ ਖਾਣ ਦੇਣਗੇ। ਜਿਸ ਨੇ ਵੀ ਪਹਿਲਾਂ ਭ੍ਰਿਸ਼ਟਾਚਾਰ ਕੀਤਾ ਹੈ, ਉਸ ਨੂੰ ਕੀਮਤ ਚੁਕਾਉਣੀ ਪਵੇਗੀ।
ਮੁੱਖ ਮੰਤਰੀ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਖ਼ਤਮ ਹੋਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਕਾਂਗਰਸ ਦੇ ਕੁੱਝ ਸਾਬਕਾ ਮੰਤਰੀਆਂ ਖ਼ਿਲਾਫ਼ ਵਿਜੀਲੈਂਸ ਵੱਲੋਂ ਕਾਰਵਾਈ ਤੇਜ਼ ਕੀਤੀ ਜਾ ਸਕਦੀ ਹੈ। ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀ ਇਸ ਕੰਮ 'ਚ ਰੁੱਝੇ ਹੋਏ ਹਨ ਅਤੇ ਉਹ ਸਬੂਤ ਇਕੱਠੇ ਕਰਨ ਲਈ ਸਾਬਕਾ ਮੰਤਰੀਆਂ ਖ਼ਿਲਾਫ਼ ਗਵਾਹੀ ਦੇਣ ਵਾਲੇ ਲੋਕਾਂ ਦੀ ਭਾਲ ਕਰ ਰਹੇ ਹਨ। ਕੁੱਝ ਸਾਬਕਾ ਮੰਤਰੀਆਂ ਖ਼ਿਲਾਫ਼ ਟੈਂਡਰਾਂ ’ਚ ਵੱਡੇ ਪੱਧਰ ’ਤੇ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ-ਲੇਹ ਫਲਾਈਟ ਰੱਦ ਹੋਣ 'ਤੇ ਮੁਸਾਫ਼ਰਾਂ ਦਾ ਹੰਗਾਮਾ, ਖ਼ਰਾਬ ਮੌਸਮ ਕਾਰਨ ਲਿਆ ਗਿਆ ਫ਼ੈਸਲਾ
ਆਪਣਾ ਇੱਕ ਵਜ਼ੀਰ ਝਟਕਿਆ ਹੈ, ਬਾਕੀ ਵੀ ਚੌਕਸ ਰਹਿਣ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਪਣੀ ਸਰਕਾਰ ਦਾ ਇੱਕ ਵਜ਼ੀਰ ਹੀ ਝਟਕਿਆ ਹੈ, ਇਸ ਲਈ ਹੋਰਨਾਂ ਨੂੰ ਸੁਚੇਤ ਰਹਿਣਾ ਪਵੇਗਾ। ਉਹ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕਰਨਗੇ, ਇਸ ਲਈ ਬਾਕੀ ਮੰਤਰੀਆਂ ਲਈ ਉਕਤ ਮਾਮਲਾ ਅੱਖਾਂ ਖੋਲ੍ਹਣ ਵਾਲਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ