ਨਹੀਂ ਘੱਟ ਰਹੀਆਂ ਪੰਜਾਬ ਕਾਂਗਰਸ ਦੀਆਂ ਮੁਸ਼ਕਲਾਂ! ਸਾਬਕਾ ਵਿਧਾਇਕ ਨੇ ਸੱਦਿਆ ਵੱਡਾ ਇਕੱਠ, ਹੋ ਸਕਦੈ ਨਵਾਂ ਐਲਾਨ
Friday, May 03, 2024 - 10:29 AM (IST)
 
            
            ਮਾਛੀਵਾੜਾ ਸਾਹਿਬ, ਸਮਰਾਲਾ (ਟੱਕਰ, ਗਰਗ): ਹਲਕਾ ਸਮਰਾਲਾ ਤੋਂ 4 ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਅਮਰੀਕ ਸਿੰਘ ਢਿੱਲੋਂ 3 ਮਈ ਨੂੰ 82ਵਾਂ ਜਨਮ ਦਿਨ ਮਨਾ ਰਹੇ ਹਨ, ਜਿਸ ਲਈ ਉਨ੍ਹਾਂ ਨੇ ਆਪਣੇ ਸਮਰਥਕਾਂ ਦਾ ਵੱਡਾ ਇਕੱਠ ਸੱਦਿਆ ਹੋਇਆ ਹੈ। ਇਹ ਚਰਚਾਵਾਂ ਜ਼ੋਰਾਂ ’ਤੇ ਹਨ ਕਿ ਇਸ ਦਿਨ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੋਈ ਨਵਾਂ ਸਿਆਸੀ ਐਲਾਨ ਕਰ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - Breaking News: ਕਾਂਗਰਸ ਨੇ ਤੜਕਸਾਰ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ, ਇਸ ਸੀਟ ਤੋਂ ਲੜਣਗੇ ਰਾਹੁਲ ਗਾਂਧੀ
ਢਿੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਟਿਕਟ ਨਾ ਮਿਲਣ ਕਾਰਨ ਆਜ਼ਾਦ ਚੋਣ ਲੜੇ ਸਨ ਤੇ ਉਨ੍ਹਾਂ ਨੇ 7300 ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ । ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਉਹ ਭਾਜਪਾ ’ਚ ਸ਼ਾਮਲ ਹੋ ਗਏ ਸਨ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਦੀ ਮੁੜ ਕਾਂਗਰਸ ’ਚ ਵਾਪਸੀ ਤਾਂ ਕਰਵਾ ਦਿੱਤੀ ਪਰ ਉਸ ਤੋਂ ਬਾਅਦ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੋਈ ਜ਼ਿਆਦਾ ਸਰਗਰਮੀਆਂ ਦਿਖਾਈ ਨਾ ਦਿੱਤੀਆਂ। ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਹਲਕਾ ਸਮਰਾਲਾ ’ਚ ਆ ਕੇ ਚੋਣ ਪ੍ਰਚਾਰ ਵੀ ਕਰ ਰਹੇ ਹਨ ਪਰ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਦੀ ਇਨ੍ਹਾਂ ਚੋਣਾਂ ਪ੍ਰਤੀ ਕੋਈ ਸਰਗਰਮੀ ਨਾ ਹੋਣੀ ਜਿੱਥੇ ਉਨ੍ਹਾਂ ਦੇ ਹਮਾਇਤੀਆਂ ਨੂੰ ਰੜਕ ਰਹੀ ਹੈ, ਉੱਥੇ ਕਾਂਗਰਸੀ ਆਗੂ ਤੇ ਵਰਕਰਾਂ ਦੇ ਨਾਲ-ਨਾਲ ਇਲਾਕੇ ਦੇ ਲੋਕ ਵੀ ਚਰਚਾ ਕਰ ਰਹੇ ਹਨ ਕਿ ਢਿੱਲੋਂ ਪਰਿਵਾਰ ਦੀ ਇਨ੍ਹਾਂ ਚੋਣਾਂ ’ਚ ਕੀ ਭੂਮਿਕਾ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਨੂੰ ਚਿਤਾਵਨੀ ਜਾਰੀ
ਕਾਂਗਰਸ ਹਾਈ ਕਮਾਂਡ ਨੇ ਨਹੀਂ ਲਾਈ ਸਾਡੀ ਕੋਈ ਡਿਊਟੀ : ਕਰਨਵੀਰ ਢਿੱਲੋਂ
ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਪੋਤੇ ਤੇ ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਲੋਕ ਸਭਾ ਚੋਣਾਂ ਪ੍ਰਤੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਉਨ੍ਹਾਂ ਦੇ ਪਰਿਵਾਰ ਨਾਲ ਮੀਟਿੰਗ ਕਰ ਕੇ ਗਏ ਹਨ ਪਰ ਅਜੇ ਤੱਕ ਕਾਂਗਰਸ ਹਾਈ ਕਮਾਂਡ ਵੱਲੋਂ ਉਨ੍ਹਾਂ ਦੀ ਇਨ੍ਹਾਂ ਚੋਣਾਂ ਪ੍ਰਤੀ ਕੋਈ ਡਿਊਟੀ ਨਹੀਂ ਲਾਈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਹਾਈ ਕਮਾਂਡ ਇਨ੍ਹਾਂ ਚੋਣਾਂ ’ਚ ਡਿਊਟੀ ਲਾਵੇਗੀ ਤਾਂ ਉਹ ਪਾਰਟੀ ਉਮੀਦਵਾਰ ਦੇ ਹੱਕ ’ਚ ਡਟ ਕੇ ਚੋਣ ਪ੍ਰਚਾਰ ਕਰਨਗੇ ਤੇ ਜੇ ਉਨ੍ਹਾਂ ਅਤੇ ਉਨ੍ਹਾਂ ਦੇ ਹਜ਼ਾਰਾਂ ਹਮਾਇਤੀਆਂ ਦੀ ਅਣਦੇਖੀ ਕੀਤੀ ਜਾਂਦੀ ਹੈ ਤਾਂ ਇਸ ’ਚ ਨੁਕਸਾਨ ਕਾਂਗਰਸ ਦਾ ਹੋਵੇਗਾ ਕਿਉਂਕਿ ਉਨ੍ਹਾਂ ਦੇ ਦਾਦਾ ਹਲਕਾ ਸਮਰਾਲਾ ਤੋਂ 6 ਵਾਰ ਚੋਣ ਲੜ ਚੁੱਕੇ ਹਨ ਤੇ 4 ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਹਰੇਕ ਪਿੰਡ ਤੇ ਸ਼ਹਿਰ ਦੀ ਸਥਿਤੀ ਬਾਰੇ ਭਲੀਭਾਂਤ ਜਾਣੂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕੁਝ ਵਿਧਾਨ ਸਭਾ ਹਲਕਿਆਂ ’ਚ ਐੱਮ.ਪੀ. ਅਮਰ ਸਿੰਘ ਖ਼ਿਲਾਫ਼ ਸਿਆਸੀ ਸਾਜ਼ਿਸ਼ ਰਚੀ ਜਾ ਰਹੀ ਹੈ ,ਜਿਸ ਤੋਂ ਉਨ੍ਹਾਂ ਨੂੰ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤਿੰਨ ਮਈ ਨੂੰ ਉਨ੍ਹਾਂ ਦੇ ਦਾਦਾ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਜਨਮ ਦਿਨ ਮੌਕੇ ਆਪਣੇ ਹਮਾਇਤੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ ਕਿ ਲੋਕ ਸਭਾ ਚੋਣਾਂ ਪ੍ਰਤੀ ਕੀ ਰਣਨੀਤੀ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            