ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਪੰਥਕ ਸ਼ਖ਼ਸੀਅਤਾਂ ਦੀ ਮੌਜੂਦਗੀ ’ਚ ਹੋਇਆ ਅੰਤਿਮ ਸੰਸਕਾਰ

05/18/2021 4:29:58 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਲੰਘੀ 15 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ, ਦਾ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪੁੱਜ ਕੇ ਜਥੇਦਾਰ ਵੇਦਾਂਤੀ ਨੂੰ ਅੰਤਿਮ ਵਿਦਾਇਗੀ ਦਿੱਤੀ। ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੀ। ਉਨ੍ਹਾਂ ਦੇ ਮਿ੍ਰਤਕ ਸਰੀਰ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਧੀਕ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਹੋਰ ਵੱਖ-ਵੱਖ ਸੰਪ੍ਰਦਾਵਾਂ ਤੇ ਕਾਰਸੇਵਾ ਵਾਲਿਆਂ ਮਹਾਂਪੁਰਖਾਂ ਨੇ ਪੰਥਕ ਰਵਾਇਤਾ ਅਨੁਸਾਰ ਲੋਈ ਤੇ ਸਿਰੋਪਾਓ ਪਾ ਕੇ ਸਨਮਾਨ ਦਿੱਤਾ।

ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਭਜਨ ਕੌਰ, ਪੁਤਰੀ ਅਮਨਪ੍ਰੀਤ ਕੌਰ, ਭਾਈ ਜਗਬੀਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਸਸਕਾਰ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਆਦਿ ਮੌਜੂਦ ਸਨ।
 
 

Anuradha

This news is Content Editor Anuradha