ਵਿਜੀਲੈਂਸ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ PA ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Wednesday, Apr 12, 2023 - 09:16 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮੇਹਰਬਾਨ ਨੂੰ 10,49,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਫਰਵਰੀ 2020 ਤੋਂ ਫਰਵਰੀ 2023 ਤੱਕ ਲਾਲ ਹੁਸੈਨ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਰਹੇ ਹਨ। ਅੱਜ ਇੱਥੇ ਇਸ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬਠਿੰਡਾ ਛਾਉਣੀ 'ਚ ਫਾਇਰਿੰਗ ਦੇ ਮਾਮਲੇ 'ਚ ਦਰਜ ਹੋਈ FIR, ਸਾਹਮਣੇ ਆਈ ਵੱਡੀ ਗੱਲ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਸੰਦੀਪ ਕੁਮਾਰ ਵਾਸੀ ਪਿੰਡ ਚਾਨਣ ਵਾਲਾ ਜ਼ਿਲ੍ਹਾ ਫਾਜ਼ਿਲਕਾ ਨੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਉਸ ਦੇ ਭਰਾ, ਭੈਣ, ਸਾਲ਼ੇ ਅਤੇ ਦੋਸਤ ਨੂੰ ਵਕਫ਼ ਬੋਰਡ ਵਿੱਚ ਜਾਂ ਡੀਜੀਪੀ ਪੰਜਾਬ ਦੇ ਸਿੱਧੇ ਕੋਟੇ ਤਹਿਤ ਸਿਪਾਹੀ ਵਜੋਂ ਨੌਕਰੀ ਦਿਵਾਉਣ ਬਦਲੇ ਪ੍ਰਤੀ ਵਿਅਕਤੀ 7 ਲੱਖ ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਕੋਲੋਂ ਪਹਿਲਾਂ ਹੀ 3 ਕਿਸ਼ਤਾਂ 'ਚ 10,49,500 ਰੁਪਏ ਲੈ ਚੁੱਕੇ ਹਨ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁਲਜ਼ਮ ਮੇਹਰਬਾਨ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਸ਼ਿਕਾਇਤ ਦੇ ਨਾਲ ਬਿਊਰੋ ਨੂੰ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੇ ਡਿਪੂ 'ਚ ਵੱਡਾ ਘਪਲਾ, 2 ਕਰਮਚਾਰੀ ਮੁਅੱਤਲ, ਠੇਕਾ ਅਧਾਰਿਤ ਇਕ ਕਰਮਚਾਰੀ ਬਰਖਾਸਤ

ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਇਸ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਤੇ ਸਵੀਕਾਰ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਉਡਣ ਦਸਤਾ-1, ਪੰਜਾਬ, ਮੋਹਾਲੀ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮੋਹਾਲੀ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News