ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, MP ਬਿੱਟੂ ਦੀ ਵਿਜੀਲੈਂਸ ਟੀਮ ਨਾਲ ਹੋਈ ਤਿੱਖੀ ਬਹਿਸ

Monday, Aug 22, 2022 - 10:52 PM (IST)

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, MP ਬਿੱਟੂ ਦੀ ਵਿਜੀਲੈਂਸ ਟੀਮ ਨਾਲ ਹੋਈ ਤਿੱਖੀ ਬਹਿਸ

ਲੁਧਿਆਣਾ (ਹਿਤੇਸ਼) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਮਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਤ ਟੈਂਡਰ ਦੇ ਘਪਲੇ ’ਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਨੂੰ ਕੱਲ ਸਥਾਨਕ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਵਿਜੀਲੈਂਸ ਦੀ ਟੀਮ ਨਾਲ ਸੈਲੂਨ ’ਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਤਿੱਖੀ ਬਹਿਸ ਹੋਈ। ਇਸ ਦੌਰਾਨ ਰਵਨੀਤ ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਤੋਂ ਗ੍ਰਿਫ਼ਤਾਰੀ ਦਾ ਪਰੂਫ ਮੰਗਿਆ ਤਾਂ ਅਧਿਕਾਰੀਆਂ ਨੇ ਕਿਹਾ ਕਿ ਸਾਡੇ ਕੰਮ ’ਚ ਦਖ਼ਲਅੰਦਾਜ਼ੀ ਨਾ ਕਰੋ। ਇਸ ਪਿੱਛੋਂ ਵਿਜੀਲੈਂਸ ਟੀਮ ਨੇ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ।  ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਬਿਊਰੋ ਨੇ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 420, 409,  467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2)  ਮਿਤੀ 16 .8.2022 ਨੂੰ ਐੱਫ.ਆਈ.ਆਰ. ਨੰਬਰ 11 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਹੋਇਆ ਹੈ, ਜਿਸ ’ਚ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਗੀਦਾਰਾਂ ’ਦੇ ਨਾਂ ਸ਼ਾਮਲ ਹਨ। ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਤੇਲੂ ਰਾਮ ਨੂੰ ਵਿਜੀਲੈਂਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਵੇਲੇ ਪੁਲਸ ਰਿਮਾਂਡ ’ਤੇ ਹੈ। ਵਿਜੀਲੈਂਸ ਦੀ ਜਾਂਚ ਦੌਰਾਨ ਮੁਲਜ਼ਮ ਤੇਲੂ ਰਾਮ ਨੇ ਦੱਸਿਆ ਹੈ ਕਿ ਉਹ ਸੀਜ਼ਨ 2020-21 ਲਈ ਟੈਂਡਰ ਪ੍ਰਾਪਤ ਕਰਨ ਲਈ ਭਾਰਤ ਭੂਸ਼ਣ ਆਸ਼ੂ ਨੂੰ ਉਨ੍ਹਾਂ ਦੇ ਪੀ. ਏ. ਮੀਨੂੰ ਮਲਹੋਤਰਾ ਰਾਹੀਂ ਮਿਲਿਆ ਸੀ, ਜਿਸ ਨੇ ਉਸ ਨੂੰ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਨੂੰ ਮਿਲਣ ਲਈ ਕਿਹਾ ਸੀ। ਸਿੰਗਲਾ ਟੈਂਡਰਾਂ ਲਈ ਵਿਭਾਗੀ ਮੁੱਖ ਵਿਜੀਲੈਂਸ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਸਾਰੇ ਪੰਜਾਬ ਦੇ ਇੰਚਾਰਜ ਸਨ ਅਤੇ ਸਾਬਕਾ ਮੰਤਰੀ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰ ਰਹੇ ਸਨ।    

ਇਹ ਖ਼ਬਰ ਵੀ ਪੜ੍ਹੋ : ਜਲੰਧਰ ਦੇ ਇਸ ਸਕੂਲ ’ਚ ਪੜ੍ਹਦੇ ਨੇ 70 ਤੋਂ ਵਧੇਰੇ ‘ਜੁੜਵਾ ਵਿਦਿਆਰਥੀ’, ਹੋ ਸਕਦੈ ਗਿੰਨੀਜ਼ ਬੁੱਕ ’ਚ ਨਾਂ ਦਰਜ

PunjabKesari

ਮੁਲਜ਼ਮ ਤੇਲੂ ਰਾਮ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਜਦੋਂ ਉਹ ਆਰ. ਕੇ. ਸਿੰਗਲਾ ਨੂੰ ਮਿਲਿਆ ਤਾਂ ਉਸ ਨੇ ਸਾਬਕਾ ਮੰਤਰੀ ਵੱਲੋਂ 30 ਲੱਖ ਰੁਪਏ ਦੀ ਮੰਗ ਕੀਤੀ ਅਤੇ ਵੱਖ-ਵੱਖ ਦਿਨਾਂ ’ਚ ਉਸ ਨੇ ਆਰ. ਕੇ. ਸਿੰਗਲਾ ਨੂੰ 20 ਲੱਖ ਰੁਪਏ, ਪੀ. ਏ. ਮੀਨੂ ਮਲਹੋਤਰਾ ਨੂੰ 6 ਲੱਖ ਰੁਪਏ ਅਤੇ ਹੋਰ ਅਧਿਕਾਰੀਆਂ ਨੂੰ ਵੀ ਪੈਸੇ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਖੁਲਾਸਿਆਂ ਦੇ ਨਾਲ-ਨਾਲ ਸਬੂਤਾਂ ਦੇ ਆਧਾਰ ’ਤੇ ਉਕਤ ਵਿਅਕਤੀਆਂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਸ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਤੇਲੂ ਰਾਮ ਨੇ ਪਿਛਲੇ ਸਮੇਂ ਦੌਰਾਨ ਕਰੀਬ 20 ਏਕੜ ਜ਼ਮੀਨ ਖਰੀਦੀ ਹੈ ਅਤੇ ਦੋਸ਼ੀ ਮੀਨੂੰ ਮਲਹੋਤਰਾ, ਜੋ ਫਰਾਰ ਹੈ, ਨੇ ਵੀ ਕਈ ਜਾਇਦਾਦਾਂ ਬਣਾਈਆਂ ਹਨ ਅਤੇ ਇਸ ਸਬੰਧੀ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਦੀ ਤਾਇਨਾਤੀ ਸਬੰਧੀ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਉਸ ਵੱਲੋਂ ਬਣਾਈਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਇਸ ਘਪਲੇ ਨੂੰ ਅੰਜਾਮ ਦੇਣ ਦੇ ਤਰੀਕੇ ਸਬੰਧੀ ਖੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਟੈਂਡਰ ਕਲੱਸਟਰ ਅਨੁਸਾਰ ਮੰਗੇ ਗਏ ਸਨ, ਜਿਸ ’ਚ ਮੰਡੀਆਂ ਦੇ ‘ਏ’ ਗਰੁੱਪ ਅਤੇ ਸਾਰੀਆਂ ਖਰੀਦ ਏਜੰਸੀਆਂ ਦਾ ਕੰਮ ਕਲੱਸਟਰ ਅਨੁਸਾਰ ਅਲਾਟ ਕੀਤਾ ਗਿਆ ਸੀ ਅਤੇ ਖਾਸ ਖੇਤਰ ’ਚ ਮੋਹਰੀ ਮੰਡੀਆਂ ਦਾ ਨਾਂ ਕਲੱਸਟਰ ਦੇ ਨਾਂ ਵਜੋਂ ਵਰਤਿਆ ਗਿਆ ਸੀ। ਲੁਧਿਆਣਾ ਜ਼ਿਲ੍ਹੇ ’ਚ ਤੇਲੂ ਰਾਮ ਦੇ 4 ਕਲੱਸਟਰ ਸਨ, ਜਿਸ ’ਚ ਜੋਧਾਂ, ਮੁੱਲਾਂਪੁਰ, ਰਾਏਕੋਟ ਅਤੇ ਪਾਇਲ, ਜਿਸ ’ਚ 34 ਅਨਾਜ ਮੰਡੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਤੇਲੂ ਰਾਮ ਕੋਲ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਤਲਵੰਡੀ ਭਾਈ ਅਤੇ ਜ਼ਿਲ੍ਹਾ ਰੋਪੜ ’ਚ ਵੀ ਇਕ ਕਲੱਸਟਰ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁੱਖ ਮੁਲਜ਼ਮ ਤੇਲੂ ਰਾਮ ਨੇ ਉਕਤ ਕੰਮ ਲਈ ਕਰੀਬ 25 ਕਰੋੜ ਰੁਪਏ ਦੀ ਰਕਮ ਹਾਸਲ ਕੀਤੀ ਸੀ। ਟੈਂਡਰ ਪ੍ਰਾਪਤ ਕਰਨ ਲਈ ਮੁਲਜ਼ਮਾਂ ਵੱਲੋਂ ਜਮ੍ਹਾ ਕਰਵਾਈਆਂ ਗਈਆਂ ਗੱਡੀਆਂ ਦੀਆਂ ਸੂਚੀਆਂ ’ਚ ਕਾਰਾਂ, ਸਕੂਟਰਾਂ, ਮੋਟਰਸਾਈਕਲਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਸਨ, ਜਦਕਿ ਉਨਾਂ ਢੋਆ-ਢੁਆਈ ਵਾਲੇ ਵਾਹਨਾਂ ਦੀਆਂ ਸੂਚੀਆਂ ਦੀ ਪੜਤਾਲ ਕਰਨੀ ਬਣਦੀ ਸੀ। ਤਸਦੀਕ ਤੋਂ ਬਾਅਦ ਜ਼ਿਲ੍ਹਾ ਟੈਂਡਰ ਕਮੇਟੀ ਵੱਲੋਂ ਤਕਨੀਕੀ ਬੋਲੀ ਨੂੰ ਰੱਦ ਕਰਨਾ ਜ਼ਰੂਰੀ ਸੀ ਪਰ ਉਨ੍ਹਾਂ ਨੇ ਮਿਲੀਭੁਗਤ ਨਾਲ ਟੈਂਡਰ ਅਲਾਟ ਕਰ ਦਿੱਤੇ। ਉਨ੍ਹਾਂ ਕਿਹਾ ਕਿ ਗੇਟ ਪਾਸਾਂ ’ਚ ਵੀ ਸਕੂਟਰਾਂ, ਕਾਰਾਂ ਆਦਿ ਦੇ ਨੰਬਰ ਲਿਖੇ ਹੋਏ ਸਨ ਪਰ ਉਕਤ ਅਧਿਕਾਰੀਆਂ ਨੇ ਇਨਾਂ ਗੇਟ ਪਾਸਾਂ ’ਚ ਦਰਜ ਸਮੱਗਰੀ ਦੇ ਸਬੰਧ ’ਚ ਮੁਲਜ਼ਮ ਠੇਕੇਦਾਰਾਂ ਨੂੰ ਅਦਾਇਗੀਆਂ ਕਰ ਦਿੱਤੀਆਂ, ਜਿਸ ਨਾਲ ਅਨਾਜ ਦੇ ਗਬਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਘਪਲੇ ’ਚ ਹੋਰਨਾਂ ਦੀ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾਵੇਗੀ।


author

Manoj

Content Editor

Related News