ਮਾਨਸਾ ਦੇ ਸਾਬਕਾ ਵਿਧਾਇਕ ਬਣੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ
Friday, Apr 26, 2019 - 12:55 PM (IST)
ਮਾਨਸਾ (ਸੰਦੀਪ ਮਿੱਤਲ) - ਮਾਨਸਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਆਪਣੇ ਸੈਂਕੜੇ ਸਾਥੀਆਂ ਸਣੇ ਆਲ ਇੰਡੀਆ ਕਾਂਗਰਸ ਭਵਨ ਦਿੱਲੀ ਵਿਖੇ ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਰਵਨੀਤ ਬਿੱਟੂ ਅਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਕਾਂਗਰਸ 'ਚ ਸ਼ਾਮਲ ਹੋਣ 'ਤੇ ਅੱਜ ਉਨ੍ਹਾਂ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਆਦੇਸ਼ਾਂ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਬਣਾ ਕੇ ਅਹਿਮ ਜਿੰਮੇਵਾਰੀ ਸੌਂਪੀ ਦਿੱਤੀ ਗਈ ਹੈ।
ਵਰਨਣਯੋਗ ਹੈ ਕਿ ਪ੍ਰੇਮ ਮਿੱਤਲ ਪਹਿਲਾਂ ਕਾਂਗਰਸੀ ਆਗੂ ਗੁਰਚਰਨ ਸਿੰਘ ਗਾਲਿਬ ਨਾਲ ਕਾਂਗਰਸ 'ਚ ਹੀ ਸਨ ਅਤੇ ਗਾਲਿਬ ਦੇ ਅਕਾਲੀ ਦਲ 'ਚ ਜਾਣ 'ਤੇ ਮਿੱਤਲ ਵੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਾਈ, ਜਿਸ ਦੌਰਾਨ ਉਨ੍ਹਾਂ ਨੂੰ ਜਿੱਤ ਹਾਸਲ ਹੋਈ। ਇਸ ਉਪਰੰਤ ਅਕਾਲੀ ਦਲ ਨਾਲ ਨਾ ਬਣਨ ਦੇ ਚੱਲਦਿਆਂ ਉਨ੍ਹਾਂ ਸਿਮਰਨਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਲੋਕ ਇਨਸਾਫ ਪਾਰਟੀ 'ਚ ਸ਼ਾਮਲ ਹੋ ਗਏ ਸਨ ਅਤੇ ਹੁਣ ਮੁੜ ਕਾਂਗਰਸ ਪਾਰਟੀ 'ਚ ਚਲੇ ਜਾਣ 'ਤੇ ਹਾਈਕਮਾਂਡ ਨੇ ਉਨ੍ਹਾਂ ਨੂੰ ਜਨਰਲ ਸਕੱਤਰ ਬਣਾਉਂਦਿਆਂ ਲੋਕ ਸਭਾ ਚੋਣਾਂ 'ਚ ਅਹਿਮ ਜਿੰਮੇਵਾਰੀ ਦੇਣ ਦਾ ਇਸ਼ਾਰਾ ਕੀਤਾ ਹੈ। ਆਪਣੀ ਨਿਯੁਕਤੀ ਉਪਰੰਤ ਅੱਜ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਨਿਮਾਣੇ ਜਿਹੇ ਵਰਕਰ ਵਜੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ। ਪਾਰਟੀ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਾਏਗੀ ਉਹ ਆਪਣਾ ਕੰਮ ਬਾਖੂਬੀ ਨਾਲ ਕਰਨਗੇ। ਉਨ੍ਹਾਂ ਦੀ ਨਿਯੁਕਤੀ ਹੋਣ 'ਤੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਕਾਂਗਰਸੀ ਆਗੂ ਬਿਕਰਮ ਮੋਫਰ, ਸੁਰਿੰਦਰਪਾਲ ਸਿੰਘ ਆਹਲੂਵਾਲੀਆ, ਬਾਬੂ ਲਾਲ ਸ਼ਰਮਾ ਆਦਿ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।