ਸਿੱਟ ਸਾਹਮਣੇ ਪੇਸ਼ ਹੋਏ ਬਰਾੜ, ਦਰਜ ਕਰਵਾਏ ਬਿਆਨ

Friday, Nov 09, 2018 - 05:38 PM (IST)

ਫਰੀਦਕੋਟ (ਜਗਤਾਰ) : ਕੋਟਕਪੂਰਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸ਼ੁੱਕਰਵਾਰ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ ਹਨ। ਸਿੱਟ ਸਾਹਮਣੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਸਾਬਕਾ ਵਿਧਾਇਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਕਰਕੇ ਪੁਲਸ ਨੂੰ ਬਲ ਦਾ ਪ੍ਰਦਰਸ਼ਨ ਕਰਨਾ ਪਿਆ ਸੀ। ਬਰਾੜ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ 'ਤੇ ਕਾਰਵਾਈ ਕਰਨ ਦੀ ਸਰਕਾਰ ਦੀ ਕੋਈ ਮਨਸ਼ਾ ਨਹੀਂ ਸੀ ਅਤੇ ਸਰਕਾਰ ਸ਼ਾਂਤਮਈ ਤਰੀਕੇ ਨਾਲ ਹੀ ਧਰਨਾ ਖਤਮ ਕਰਵਾਉਣਾ ਚਾਹੁੰਦੀ ਸੀ। 

ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਿਚ ਬਰਗਾੜੀ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ 'ਤੇ ਪੁਲਸ ਵਲੋਂ ਗੋਲੀ ਚਲਾ ਦਿੱਤੀ ਗਈ ਸੀ, ਇਸ ਗੋਲੀਬਾਰੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਗੋਲੀਬਾਰੀ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਇਸ ਕਮਿਸ਼ਨ ਨੇ ਰਿਪੋਰਟ ਵਿਚ ਇਸ ਗੋਲੀਕਾਂਡ ਲਈ ਉਸ ਸਮੇਂ ਦੇ ਡੀ. ਜੀ. ਪੀ. ਅਤੇ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ।


Related News