ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ ''ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

Tuesday, Aug 11, 2026 - 02:44 PM (IST)

ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ ''ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

ਚੰਡੀਗੜ੍ਹ (ਅੰਕੁਰ ਤਾਂਗੜੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅੱਜ ਕਈ ਸਰਪੰਚਾਂ, ਪੰਚਾਂ ਅਤੇ ਆਪਣੇ ਸਮਰਥਕਾਂ ਨਾਲ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਕੇਵਲ ਢਿੱਲੋਂ ਨੇ ਭਾਜਪਾ 'ਚ ਹੋ ਰਹੀਆਂ ਨਵੀਆਂ ਸ਼ਮੂਲੀਅਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂ, ਮੌਜੂਦਾ ਅਤੇ ਸਾਬਕਾ ਸਰਪੰਚਾਂ ਸਮੇਤ ਵੱਡੀ ਗਿਣਤੀ 'ਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ 'ਚ ਭਾਜਪਾ ਦਾ ਆਧਾਰ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਇਸ ਮੌਕੇ ਬਠਿੰਡਾ ਦਿਹਾਤੀ ਨਾਲ ਸਬੰਧਿਤ ਆਗੂਆਂ ਦਾ ਵੀ ਭਾਜਪਾ ਵਿੱਚ ਸਵਾਗਤ ਕੀਤਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਕੇਵਲ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਭਾਜਪਾ 'ਚ ਬਣਦਾ ਸਨਮਾਨ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਇਹ ਆਗੂ ਲੰਬੇ ਸਮੇਂ ਤੋਂ ਸਮਾਜ ਸੇਵਾ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦੇ ਤਜੁਰਬੇ ਦਾ ਭਾਜਪਾ ਨੂੰ ਲਾਭ ਮਿਲੇਗਾ।  ਇਸ ਦੌਰਾਨ ਮਿੰਟੂ ਸਿੰਘ ਸਮੇਤ ਕਈ ਸਰਪੰਚਾਂ ਅਤੇ ਹੋਰ ਸਥਾਨਕ ਆਗੂਆਂ ਨੇ ਵੀ ਭਾਜਪਾ ਦਾ ਪੱਲਾ ਫੜ੍ਹਿਆ। ਕੇਵਲ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ 'ਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭਾਜਪਾ ਦਾ ਜੱਥੇਬੰਦਕ ਢਾਂਚਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਪਾਰਟੀ ਨਾਲ ਜੁੜਨਗੇ।

ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ
ਵਿਰੋਧੀ ਧਿਰਾਂ 'ਤੇ ਕੀਤਾ ਤਿੱਖਾ ਹਮਲਾ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਰੋਧੀ ਧਿਰਾਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਨੂੰ ਜੈਲਸੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨਾਂ ਦਾ ਬਾਈਕਾਟ ਕਰਨਾ ਲੋਕਾਂ ਦੇ ਪੈਸੇ ਦੀ ਬਰਬਾਦੀ ਦੇ ਬਰਾਬਰ ਹੈ।  ਕੇਵਲ ਢਿੱਲੋਂ ਨੇ ਕਿਹਾ ਕਿ ਵਿਧਾਨ ਸਭਾ ਦੇ ਹਰ ਸੈਸ਼ਨ ’ਤੇ ਕਰੋੜਾਂ ਰੁਪਏ ਖ਼ਰਚ ਹੁੰਦੇ ਹਨ ਅਤੇ ਜੇਕਰ ਵਿਰੋਧੀ ਧਿਰਾਂ ਨੇ ਸਰਕਾਰ ਤੋਂ ਕੋਈ ਸਵਾਲ ਪੁੱਛਣੇ ਹਨ ਤਾਂ ਉਨ੍ਹਾਂ ਨੂੰ ਸਦਨ ਦੇ ਅੰਦਰ ਰਹਿ ਕੇ ਜਵਾਬ ਮੰਗਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨਾਲ ਸਬੰਧਿਤ ਕਿਸੇ ਮੁੱਦੇ ’ਤੇ ਜਵਾਬ ਚਾਹੀਦਾ ਹੈ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਾਂ ਹੋਰ ਕੇਂਦਰੀ ਮੰਤਰੀਆਂ ਤੋਂ ਜਵਾਬ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਜਵਾਬ ਮੰਗਣਾ ਵਿਰੋਧੀ ਧਿਰ ਦਾ ਹੱਕ ਹੈ ਪਰ ਸੈਸ਼ਨ ਦਾ ਬਾਈਕਾਟ ਕਰਕੇ ਲੋਕਾਂ ਦੇ ਪੈਸੇ ਨੂੰ ਬਰਬਾਦ ਕਰਨਾ ਕਿਸੇ ਵੀ ਤਰ੍ਹਾਂ ਠੀਕ ਨਹੀਂ। ਉਨ੍ਹਾਂ ਵਿਰੋਧੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਦਨ ਦੀ ਕਾਰਵਾਈ 'ਚ ਹਿੱਸਾ ਲੈਣ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਗੰਭੀਰ ਬਹਿਸ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


author

Babita

Content Editor

Related News