ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੇਵਾ ਕਰਨ ਆ ਰਹੇ ਸਾਬਕਾ ਸਰਪੰਚ ਦੀ ਹਾਦਸੇ ’ਚ ਮੌਤ

Wednesday, Nov 11, 2026 - 05:45 AM (IST)

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੇਵਾ ਕਰਨ ਆ ਰਹੇ ਸਾਬਕਾ ਸਰਪੰਚ ਦੀ ਹਾਦਸੇ ’ਚ ਮੌਤ

ਸੁਲਤਾਨਪੁਰ ਲੋਧੀ (ਧੀਰ) - ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਸੇਵਾ ਕਰਨ ਲਈ ਆ ਰਹੇ ਪਿੰਡ ਚੱਕ ਕੋਟਲਾ ਦੇ ਸਾਬਕਾ ਸਰਪੰਚ ਜੋਗਾ ਸਿੰਘ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਹ ਹਾਦਸਾ ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ ’ਤੇ ਸ਼ਹਿਰ ਦੇ ਸਵਾਗਤੀ ਗੇਟ ਨੇੜੇ ਵਾਪਰਿਆ।

ਮਿਲੀ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜੋਗਾ ਸਿੰਘ ਮੰਗਲਵਾਰ ਸਵੇਰੇ ਕਰੀਬ 11:30 ਵਜੇ ਆਪਣੇ ਟੀ. ਵੀ. ਐੱਸ. ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਸੇਵਾ ਕਰਨ ਲਈ ਆ ਰਹੇ ਸਨ। ਜਦੋਂ ਉਹ ਸਵਾਗਤੀ ਗੇਟ ਨੇੜੇ ਪਹੁੰਚੇ ਤਾਂ ਸੜਕ ਕਿਨਾਰੇ ਖੜ੍ਹੀ ਇਕ ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਨ੍ਹਾਂ ਦੀ ਮੌਤ ਹੋ ਗਈ। ਸਾਬਕਾ ਸਰਪੰਚ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਚੱਕ ਕੋਟਲਾ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਧਾਰਮਿਕ ਅਸਥਾਨ ’ਤੇ ਨਤਮਸਤਕ ਹੋਣ ਅਤੇ ਸੇਵਾ ਕਰਨ ਦੇ ਪਵਿੱਤਰ ਮਨੋਰਥ ਨਾਲ ਘਰੋਂ ਨਿਕਲੇ ਸਾਬਕਾ ਸਰਪੰਚ ਦੀ ਰਸਤੇ ਵਿਚ ਹੀ ਮੌਤ ਹੋ ਜਾਣ ਦੀ ਇਸ ਘਟਨਾ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
 


author

Inder Prajapati

Content Editor

Related News