ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ''ਚ ਸਾਬਕਾ ਕੇਂਦਰੀ ਮੰਤਰੀ ਸੀ. ਪੀ. ਜੋਸ਼ੀ ਕਾਂਗਰਸੀ ਆਗੂਆਂ ਨਾਲ ਹੋਏ ਨਤਮਸਤਕ
Wednesday, Sep 17, 2025 - 04:05 AM (IST)

ਅੰਮ੍ਰਿਤਸਰ (ਸਰਬਜੀਤ) : ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਦੇਸ਼ਾਂ ਅਨੁਸਾਰ ਕੇਂਦਰ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸਪੀਕਰ ਸੀ. ਪੀ. ਜੋਸ਼ੀ ਅੱਜ ਹਵਾਈ ਰਸਤੇ ਜੈਪੁਰ ਤੋਂ ਅੰਮ੍ਰਿਤਸਰ ਪਹੁੰਚੇ। ਗੁਰੂ ਨਗਰੀ ਪਹੁੰਚਣ 'ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸਰਕਾਰੀਆ, ਭਗਵੰਤ ਪਾਲ ਸਿੰਘ ਸੱਚਰ, ਹਰਪ੍ਰਤਾਪ ਸਿੰਘ ਅਜਨਾਲਾ ਤੇ ਹੋਰ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਇਸ ਤੋਂ ਬਾਅਦ ਕਾਂਗਰਸੀ ਲੀਡਰਸ਼ਿਪ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : ਗਲਾਡਾ ਨੇ ਸੈਕਟਰ 32 'ਚੋਂ ਹਟਾਏ ਨਾਜਾਇਜ਼ ਕਬਜ਼ੇ! ਰੇਹੜੀ-ਫੜ੍ਹੀ ਵਾਲਿਆਂ 'ਤੇ ਹੋਈ ਕਾਰਵਾਈ
ਉਪਰੰਤ ਜ਼ਿਲ੍ਹੇ ਦੇ ਛੇ ਦਿਹਾਤੀ ਵਿਧਾਨ ਸਭਾ ਹਲਕਿਆਂ ਰਾਜਾਸਾਂਸੀ , ਮਜੀਠਾ, ਅਜਨਾਲਾ, ਅਟਾਰੀ, ਜੰਡਿਆਲਾ ਤੇ ਬਾਬਾ ਬਕਾਲਾ ਦੇ ਵਿਧਾਇਕ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜਾਂ ਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨਾਲ ਸਥਾਨਕ ਇੱਕ ਹੋਟਲ ਵਿੱਚ ਬੰਦ ਕਮਰਾ ਮੀਟਿੰਗਾਂ ਕੀਤੀਆਂ ਅਤੇ ਹਰ ਇੱਕ ਦੇ ਵਿਚਾਰ ਲਏ। ਬੰਦ ਕਮਰਾ ਮੀਟਿੰਗਾਂ ਦੇ ਵੇਰਵੇ ਭਾਵੇਂ ਨਹੀਂ ਮਿਲੇ ਪਰ ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਇਹ ਸਾਰਾ ਕਾਰਜ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਾਮ ਹੇਠ ਜ਼ਿਲ੍ਹਾ ਪ੍ਰਧਾਨਾਂ ਦੀਆਂ ਹੋਣ ਵਾਲੀਆਂ ਨਵੀਆਂ ਨਿਯੁਕਤੀਆਂ ਸਬੰਧੀ ਹਰ ਵਰਗ ਤੇ ਵਰਕਰਾਂ ਕੋਲੋਂ ਜਾਣਕਾਰੀ ਪ੍ਰਾਪਤ ਕਰਨ ਹਿੱਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਦਿਹਾਤੀ ਕਾਂਗਰਸ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਤੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਪੱਪੂ ਹਨ, ਇਸ ਸਬੰਧੀ ਬਹੁਤ ਸਾਰੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ ਪਰ ਹਰੇਕ ਨੇ ਵੇਰਵੇ ਦੇਣ ਤੋਂ ਗੁਰੇਜ਼ ਹੀ ਕੀਤਾ।
ਇਸ ਮੌਕੇ ਤਰਸੇਮ ਸਿੰਘ ਡੀ ਸੀ, ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ, ਬਲਜੀਤ ਸਿੰਘ ਪਾਹੜਾ, ਦਿਲਰਾਜ ਸਿੰਘ ਸਰਕਾਰੀਆ, ਅਸ਼ਵਨੀ ਪੱਪੂ, ਸੋਨੂੰ ਜੰਡਿਆਲਾ, ਨਵਨੀਤ ਕੌਰ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8