ਰਾਸ਼ਟਰਪਤੀ ਤੇ ਪੰਜਾਬ ਦੇ ਮੁੱਖ ਮੰਤਰੀ 26 ਨੂੰ ਰੱਖਣਗੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ

11/22/2018 10:23:44 PM

ਚੰਡੀਗੜ੍ਹ (ਅਸ਼ਵਨੀ) - ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਕੌਰੀਡੋਰ ਬਣਾਉਣ ਦਾ ਫੈਸਲਾ ਅੱਜ ਕੇਂਦਰੀ ਕੈਬਨਿਟ ਨੇ ਲਿਆ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਲਾਂਘੇ ਨਾਲ ਪਾਕਿਸਤਾਨ 'ਚ ਰਾਵੀ ਦਰਿਆ ਕੰਢੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ। ਇਸ ਪਵਿੱਤਰ ਸਥਾਨ 'ਤੇ ਸ੍ਰੀ ਗੁਰੂ ਨਾਨਕ ਦੇਵ ਨੇ 18 ਸਾਲ ਬਿਤਾਏ। ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਭਵਿੱਖ 'ਚ ਦੋਵਾਂ ਮੁਲਕਾਂ ਦੇ ਰਿਸ਼ਤਿਆਂ 'ਚ ਨਿੱਘ ਆਵੇਗਾ।
ਕਰਤਾਰਪੁਰ ਲਾਂਘਾ ਬਣਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰਕੇ ਖੁਲਾਸਾ ਕੀਤਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੀ ਸਥਾਪਨਾ ਕਰਨ ਦੀ ਆਰੰਭਤਾ ਕਰਨਗੇ। ਇਸੇ ਦੌਰਾਨ ਭਾਰਤ ਦੇ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਬਾ ਨੇ ਇਕ ਪੱਤਰ 'ਚ ਸੂਬਾ ਸਰਕਾਰ ਨੂੰ 26 ਨਵੰਬਰ ਮੌਕੇ ਨੀਂਹ ਪੱਥਰ ਰੱਖੇ ਜਾਣ ਵਾਲੇ ਸਮਾਰੋਹ ਦੀਆਂ ਮੁਕੰਮਲ ਤਿਆਰੀਆਂ ਕਰਨ ਲਈ ਆਖਿਆ। ਕੇਂਦਰੀ ਗ੍ਰਹਿ ਸਕੱਤਰ ਨੇ ਕੇਂਦਰੀ ਸੜਕੀ ਆਵਾਜਾਈ ਦੇ ਸਕੱਤਰ ਯੁੱਧਵੀਰ ਸਿੰਘ ਮਲਿਕ ਨੂੰ ਵੀ ਪੱਤਰ ਲਿਖ ਕੇ ਇਸ ਪ੍ਰਾਜੈਕਟ ਦੀਆਂ ਤਿਆਰੀਆਂ ਦੇ ਨਾਲ-ਨਾਲ 26 ਨਵੰਬਰ, 2018 ਨੂੰ ਨੀਂਹ ਪੱਥਰ ਰੱਖਣ ਲਈ ਲੋੜੀਂਦੀ ਕਾਰਵਾਈ ਕਰਨ ਲਈ ਆਖਿਆ ਹੈ। ਪੱਤਰ ਦੀ ਇਕ ਕਾਪੀ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜ ਕੇ ਇਸ ਪ੍ਰਾਜੈਕਟ ਲਈ ਹਰ ਸੰਭਵ ਸਹਿਯੋਗ ਅਤੇ ਮਦਦ ਦੇਣ ਤੋਂ ਇਲਾਵਾ ਬੀ. ਐਸ. ਐਫ. ਦੇ ਡਾਇਰੈਕਟਰ ਜਨਰਲ ਨੂੰ ਵੀ ਇਸ ਮਾਮਲੇ 'ਚ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ ਹੈ।


Related News