ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰ ਟੀਨੂੰ ਦੇ ਫ਼ਰਾਰ ਹੋਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ SIT ਦਾ ਗਠਨ

Tuesday, Oct 04, 2022 - 08:49 PM (IST)

ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰ ਟੀਨੂੰ ਦੇ ਫ਼ਰਾਰ ਹੋਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ SIT ਦਾ ਗਠਨ

ਚੰਡੀਗੜ੍ਹ : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਮਾਨਸਾ 'ਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਸ ਹਿਰਾਸਤ 'ਚੋਂ ਫਰਾਰ ਹੋਣ ਦੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਤੇ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।

ਐਸ.ਆਈ.ਟੀ. 'ਚ ਪਟਿਆਲਾ ਰੇਂਜ ਦੇ ਆਈ.ਜੀ.ਪੀ. ਐੱਮ.ਐੱਸ. ਛੀਨਾ ਨੂੰ ਚੇਅਰਪਰਸਨ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਤਿੰਨ ਮੈਂਬਰਾਂ 'ਚ ਏ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ) ਓਪਿੰਦਰਜੀਤ ਸਿੰਘ, ਐੱਸ.ਐੱਸ.ਪੀ ਮਾਨਸਾ ਗੌਰਵ ਤੂਰਾ ਅਤੇ ਡੀ.ਐੱਸ.ਪੀ ਏ.ਜੀ.ਟੀ.ਐੱਫ ਬਿਕਰਮਜੀਤ ਸਿੰਘ ਬਰਾੜ ਸ਼ਾਮਲ ਹਨ। ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਪੁਲਸ ਥਾਣਾ ਸਿਟੀ-1 ਮਾਨਸਾ ਵੱਲੋਂ  ਐਸ.ਆਈ.ਟੀ. ਨੂੰ ਪੂਰਾ ਸਹਿਯੋਗ ਹੋਵੇਗਾ। ਲੋੜ ਪੈਣ 'ਤੇ ਬਠਿੰਡਾ ਅਤੇ ਪਟਿਆਲਾ ਰੇਂਜ ਦੇ ਕਿਸੇ ਹੋਰ ਅਧਿਕਾਰੀ ਨੂੰ ਵੀ ਐਸ.ਆਈ.ਟੀ. ਦੀ ਸਹਾਇਤਾ ਲਈ ਚੁਣਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : HC ਦਾ ਫ਼ੈਸਲਾ: ਪਤਨੀ ਦੇ ਇਕ ਵਾਰ ਗੈਰ-ਮਰਦ ਨਾਲ ਸਬੰਧ ਬਣਾਉਣ 'ਤੇ ਪਤੀ ਮੁਆਵਜ਼ੇ ਤੋਂ ਇਨਕਾਰ ਨਹੀਂ ਕਰ ਸਕਦਾ

ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਪੁਲਸ ਦੀਆਂ ਕਈ ਟੀਮਾਂ ਫਰਾਰ ਹੋਏ ਗੈਂਗਸਟਰ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ ਵੱਲੋਂ ਮਾਨਸਾ ਦੇ ਸੀ.ਆਈ.ਏ. ਇੰਚਾਰਜ ਪ੍ਰਿਤਪਾਲ ਸਿੰਘ ਨੂੰ ਤੁਰੰਤ ਮੁਅੱਤਲ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ 'ਚ ਉਸ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਦੋਸ਼ੀ ਪੁਲਸ ਮੁਲਾਜ਼ਮ ਨੂੰ ਧਾਰਾ 311 ਤਹਿਤ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਡੀ.ਜੀ.ਪੀ. ਨੇ ਕਿਹਾ ਕਿ ਐਸ.ਆਈ.ਟੀ. ਇਸ ਮਾਮਲੇ ਦੀ ਰੋਜ਼ਾਨਾਂ ਅਧਾਰ ’ਤੇ ਜਾਂਚ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਪੁਲਸ ਵੱਲੋਂ ਉਨ੍ਹਾਂ ਖ਼ਿਲਾਫ਼ ਸਬੰਧਤ ਅਦਾਲਤ 'ਚ ਰਿਪੋਰਟ ਪੇਸ਼ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਐਸ.ਆਈ.ਟੀ. ਨੂੰ ਜਾਂਚ ਪ੍ਰੀਕਿਰਿਆ 'ਚ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : NSUI ਨੇ ਅਕਸ਼ੈ ਸ਼ਰਮਾ ਨੂੰ ਦਿੱਤੀ ਹਿਮਾਚਲ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ


author

Mandeep Singh

Content Editor

Related News