ਵੀਜ਼ਾ ਲਗਵਾਉਣ ਦੇ ਨਾਂ ’ਤੇ 28.31 ਲੱਖ ਦੀ ਠੱਗੀ, ਮਾਮਲਾ ਦਰਜ

Saturday, Dec 07, 2024 - 12:23 PM (IST)

ਵੀਜ਼ਾ ਲਗਵਾਉਣ ਦੇ ਨਾਂ ’ਤੇ 28.31 ਲੱਖ ਦੀ ਠੱਗੀ, ਮਾਮਲਾ ਦਰਜ

ਚੰਡੀਗੜ੍ਹ (ਪ੍ਰੀਕਸ਼ਿਤ) : ਵੀਜ਼ੇ ਦੇ ਨਾਂ ’ਤੇ ਠੱਗੀ ਦਾ ਇਕ ਹੋਰ ਮਾਮਲਾ ਸੈਕਟਰ-17 ਥਾਣੇ ’ਚ ਦਰਜ ਹੋਇਆ ਹੈ। ਵੀਜ਼ਾ ਲਗਵਾਉਣ ਦੇ ਨਾਂ ’ਤੇ ਮੋਹਾਲੀ ਦੇ ਰਹਿਣ ਵਾਲੇ ਵਿਅਕਤੀ ਨਾਲ 28 ਲੱਖ 31 ਹਜ਼ਾਰ 232 ਰੁਪਏ ਦੀ ਠੱਗੀ ਮਾਰੀ ਗਈ। ਥਾਣਾ ਪੁਲਸ ਨੇ ਮਨਪ੍ਰੀਤ ਸਿੰਘ ਉਰਫ ਮੌਂਟੀ ਅਤੇ ਰਾਜਬੀਰ ਉਰਫ ਰੋਜ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮੋਹਾਲੀ ਦੇ ਰਹਿਣ ਵਾਲੇ ਹਿੰਮਤ ਸਿੰਘ ਨੇ ਦੱਸਿਆ ਕਿ ਵਿਦੇਸ਼ ਜਾਣ ਲਈ ਮੁਲਜ਼ਮਾਂ ਦੇ ਸੰਪਰਕ ’ਚ ਆਇਆ ਸੀ। ਮੁਲਜ਼ਮਾਂ ਨੇ ਉਸ ਨੂੰ ਆਪਣੀਆਂ ਗੱਲਾਂ ਦਾ ਲਾਲਚ ਦਿੱਤਾ ਤੇ ਵੀਜ਼ਾ ਲਗਵਾ ਕੇ ਵਿਦੇਸ਼ ਭੇਜਣ ਦਾ ਭਰੋਸਾ ਦਿੱਤਾ।

ਮੁਲਜ਼ਮਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸੇਵਾਵਾਂ ਨਾਲ ਵਿਦੇਸ਼ ਜਾਣ ਦੀ ਪ੍ਰਕਿਰਿਆ ਆਸਾਨੀ ਨਾਲ ਪੂਰੀ ਹੋ ਜਾਵੇਗੀ। ਇਸ ਬਹਾਨੇ ਸ਼ਿਕਾਇਤਕਰਤਾ ਤੋਂ ਵੀਜ਼ਾ ਫ਼ੀਸ, ਦਸਤਾਵੇਜ਼ ਅਤੇ ਹੋਰ ਖ਼ਰਚਿਆਂ ਦੇ ਨਾਂ ’ਤੇ 28 ਲੱਖ 31 ਹਜ਼ਾਰ 232 ਰੁਪਏ ਲਏ ਗਏ ਪਰ ਨਾ ਤਾਂ ਵੀਜ਼ਾ ਦਿੱਤਾ ਗਿਆ ਤੇ ਨਾ ਹੀ ਉਸ ਨੂੰ ਵਿਦੇਸ਼ ਭੇਜਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਤੋਂ ਬਾਅਦ ਪੀੜਤ ਨੇ ਆਪਣੇ ਨਾਲ ਠੱਗੀ ਦਾ ਅਹਿਸਾਸ ਹੋਣ ’ਤੇ ਪੁਲਸ ਨੂੰ ਸ਼ਿਕਾਇਤ ਕੀਤੀ। ਪੀੜਤ ਦੀ ਸ਼ਿਕਾਇਤ ’ਤੇ ਸੈਕਟਰ-17 ਥਾਣਾ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News