ਖੁਦ ਨੂੰ STF ਦੇ ਕਰਮਚਾਰੀ ਦੱਸ ਕੇ ਮਾਰੀ 3 ਲੱਖ ਰੁਪਏ ਦੀ ਠੱਗੀ, 2 ਗ੍ਰਿਫ਼ਤਾਰ
Monday, Nov 10, 2025 - 10:41 AM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਖ਼ੁਦ ਨੂੰ ਐੱਸ. ਟੀ. ਐੱਫ. ਦੇ ਕਰਮਚਾਰੀ ਦੱਸ ਕੇ ਇਕ ਵਿਅਕਤੀ ਨੂੰ ਹੈਰੋਇਨ ਦੇ ਮੁਕੱਦਮੇ ’ਚ ਫਸਾਉਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਮਮਦੋਟ ਦੀ ਪੁਲਸ ਨੇ 3 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦ ਕਿ ਤੀਜੇ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਣਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਦੋਨਾ ਰਹੀਮੇ ਕੇ (ਘੋੜਾ ਚੱਕ) ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ’ਚ ਦੱਸਿਆ ਕਿ ਬੀਤੇ ਦਿਨ ਉਹ ਮੋਟਰਸਾਈਕਲ ’ਤੇ ਆਪਣੇ ਪਿੰਡ ਵੱਲ ਜਾ ਰਿਹਾ ਸੀ।
ਇਸ ਦੌਰਾਨ ਵਿਕਰਮਜੀਤ ਸਿੰਘ ਪੁੱਤਰ ਨਰਿੰਦਰ ਸਿੰਘ, ਸੂਬਾ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਸੁਰਿੰਦਰ ਸਿੰਘ ਵਾਸੀ ਫਾਜ਼ਿਲਕਾ ਨੇ ਉਸ ਨੂੰ ਜ਼ਬਰਦਸਤੀ ਆਪਣੀ ਕਾਰ ’ਚ ਬਿਠਾ ਲਿਆ ਅਤੇ ਕਹਿਣ ਲੱਗੇ ਕਿ ਅਸੀਂ ਐੱਸ. ਟੀ. ਐੱਫ. ਦੇ ਕਰਮਚਾਰੀ ਹਾਂ, ਤੇਰੇ ਕੋਲ ਹੈਰੋਇਨ ਹੈ ਅਤੇ ਉਸ ਨੂੰ ਝੂਠੇ ਕੇਸ ’ਚ ਫਸਾਉਣ ਦਾ ਡਰ ਦੇ ਕੇ ਛੱਡਣ ਬਦਲੇ ਉਸ ਤੋਂ ਡਰਾ ਧਮਕਾ ਕੇ ਤਿੰਨੋਂ ਮੁਲਜ਼ਮਾਂ ਨੇ ਉਸ ਤੋਂ 3 ਲੱਖ ਰੁਪਏ ਲੈ ਗਏ। ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਥਾਣਾ ਮਮਦੋਟ ’ਚ ਵਿਕਰਮਜੀਤ ਸਿੰਘ, ਸੂਬਾ ਸਿੰਘ ਅਤੇ ਸੁਰਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਵਿਕਰਮਜੀਤ ਸਿੰਘ ਅਤੇ ਸੂਬਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਸੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
