1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕਰਨ ਨਾਲ 51 ਲੱਖ ਘਰਾਂ ਦਾ ਬਿੱਲ ਆਵੇਗਾ ਜ਼ੀਰੋ : CM ਮਾਨ

07/16/2022 8:40:32 PM

ਚੰਡੀਗੜ੍ਹ (ਬਿਊਰੋ) : ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਵਾਅਦਾ ਪੂਰਾ ਕਰਨ ਨਾਲ ਲੱਗਭਗ ਸਤੰਬਰ ਮਹੀਨੇ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਦਿੱਤੀ ਵੱਡੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਇਕ ਜੁਲਾਈ, 2022 ਤੋਂ ਸੂਬੇ ਦੇ ਹਰ ਘਰ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰਾਂ ਦੀ ਬਿਜਲੀ ਦੀ ਖਪਤ ਜੇਕਰ ਹਰੇਕ ਬਿੱਲ ’ਤੇ 600 ਯੂਨਿਟ ਤੱਕ ਹੈ ਤਾਂ ਉਹ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ।

ਇਹ ਖ਼ਬਰ ਵੀ ਪੜ੍ਹੋ : ਸਿਮਰਨਜੀਤ ਮਾਨ ਦੇ ਵਿਵਾਦਿਤ ਬਿਆਨ ’ਤੇ ਬੋਲੇ ਹਰਸਿਮਰਤ ਬਾਦਲ, ਕਿਹਾ-ਲੋਕਾਂ ਤੋਂ ਮੰਗਣ ਮੁਆਫ਼ੀ

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲ ’ਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ’ਚ ਇਕ ਪੈਸਾ ਵੀ ਨਹੀਂ ਦੇਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ’ਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲੱਗਭਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਕਿਉਂ ਜੋ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਲਈ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ’ਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : ਸ਼ਹੀਦ ਭਗਤ ਸਿੰਘ ਬਾਰੇ ਵਿਵਾਦਿਤ ਬਿਆਨ ’ਤੇ ਬੁਰੀ ਤਰ੍ਹਾਂ ਘਿਰੇ ਸਿਮਰਨਜੀਤ ਮਾਨ, ‘ਆਪ’ ਨੇ ਖੋਲ੍ਹਿਆ ਮੋਰਚਾ

ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਵਾਅਦੇ ਨੂੰ ਪੂਰਾ ਵੀ ਕਰਦੇ ਹਾਂ। ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਇਸ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬੇ ਦੀ ਤਰੱਕੀ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ : ਮੀਂਹ ਮਗਰੋਂ ਦਿਖਣ ਲੱਗਾ ਪਹਾੜੀਆਂ ਦਾ ਖ਼ੂਬਸੂਰਤ ਨਜ਼ਾਰਾ, ਲੋਕਾਂ ਨੇ ਕੈਮਰੇ ’ਚ ਕੀਤਾ ਕੈਦ
   


Manoj

Content Editor

Related News