ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਮੁੜ ਸਰਗਰਮ ਹੋਈ ‘ਆਪ’ ਸਰਕਾਰ, ਸ਼ੁਰੂ ਕਰਨ ਜਾ ਰਹੀ ਇਹ ਮੁਹਿੰਮ
Tuesday, Dec 13, 2022 - 10:55 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ਼ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ। ਅੱਜ ਵਿਕਾਸ ਭਵਨ, ਐੱਸ.ਏ.ਐੱਸ. ਨਗਰ (ਮੁਹਾਲੀ) ਵਿਖੇ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਹਰ ਹਾਲਤ ’ਚ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ ਅਤੇ ਇਸ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਦੀ ਹੁਣ ਖ਼ੈਰ ਨਹੀਂ, CM ਮਾਨ ਨੇ ਦਿੱਤੀ ਚੇਤਾਵਨੀ
ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਬਿਨਾਂ ਦੇਰੀ ਕਰਨ ਦੇ ਹੁਕਮ ਵੀ ਦਿੱਤੇ। ਕੈਬਨਿਟ ਮੰਤਰੀ ਨੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾਤਰ ਸ਼ਿਕਾਇਤਾਂ ਪੰਚਾਇਤੀ ਜ਼ਮੀਨਾਂ ਨਾਲ ਸਬੰਧਿਤ ਆ ਰਹੀਆਂ ਹਨ, ਜਿਨ੍ਹਾਂ ਦਾ ਬਿਨਾਂ ਦੇਰੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਿਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ। ਲੋਕਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵਿਕਾਸ ਭਵਨ ਵਿਖੇ ਹਫ਼ਤਾਵਾਰੀ ਜਨਤਾ ਦਰਬਾਰ ਪ੍ਰੋਗਰਾਮ ਕਰਵਾ ਰਹੇ ਹਨ ਤਾਂ ਜੋ ਹਰ ਸ਼ਨੀਵਾਰ ਨੂੰ ਅਜਨਾਲਾ ਤੋਂ ਇਲਾਵਾ ਹੋਰਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ।
ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਮਾਮਲੇ ’ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਚਲਾਨ ਕੀਤਾ ਪੇਸ਼
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ ’ਤੇ ਨਹੀਂ ਜਾ ਸਕਦਾ ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮਸਲਿਆਂ ਨੂੰ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ 16, 19, 23, 26 ਅਤੇ 30 ਦਸੰਬਰ ਨੂੰ ਕ੍ਰਮਵਾਰ ਜਲੰਧਰ, ਐੱਸ.ਏ.ਐੱਸ. ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਸਮੇਤ ਪੰਜ ਥਾਵਾਂ ’ਤੇ ’ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਕਰਵਾਉਣ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਥੇ ਸਮਰੱਥ ਅਧਿਕਾਰੀਆਂ ਵੱਲੋਂ ਪ੍ਰਵਾਸੀ ਭਾਰਤੀਆਂ ਨਾਲ ਸਬੰਧਿਤ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਇਨ੍ਹਾਂ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕੀਤਾ ਜਾਵੇਗਾ।