ਬੇਘਰੇ ਲੋਕਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ : ਸਿੱਧੂ

Tuesday, Oct 24, 2017 - 05:01 PM (IST)

ਮੋਹਾਲੀ (ਨਿਆਮੀਆਂ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ  ਵਾਅਦਿਆਂ ਨੂੰ ਪੂਰਾ ਕਰਨ ਲਈ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਹਰ ਕੀਮਤ 'ਤੇ ਪੂਰਾ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਨੇੜਲੇ ਪਿੰਡ ਕੁਰੜਾ ਵਿਖੇ ਭੂਮੀਹੀਣ, ਪੱਛੜੀਆਂ ਸ਼੍ਰੇਣੀਆਂ, ਅਨੂਸੂਚਿਤ ਜਾਤੀਆਂ ਅਤੇ ਬੇਘਰੇ 71 ਲਾਭਪਾਤਰੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਕਾਗਜ਼ਾਤ ਸੌਂਪਣ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਬੇਘਰੇ, ਬੇ-ਜ਼ਮੀਨੇ, ਭੂਮੀਹੀਣ, ਪੱਛੜੀਆਂ ਸ਼੍ਰੇਣੀਆਂ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਘਰ ਬਣਾਉਣ ਲਈ ਪੰਜ-ਪੰਜ ਮਰਲੇ ਦੇ ਪਲਾਟ ਮੁਫਤ ਦਿੱਤੇ ਜਾਣਗੇ। ਉਨ੍ਹਾਂ ਹੋਰ ਕਿਹਾ ਕਿ ਵਿਧਾਨਸਭਾ ਹਲਕੇ ਦੇ ਲੋਕਾਂ ਦੀ ਭਲਾਈ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਤੇ ਚੋਣਾਂ ਦੌਰਾਨ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਕੁਰੜੀ ਵਿਖੇ 270 ਲਾਭਪਾਤਰੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਵੰਡੇ ਗਏ ਸਨ। 
ਸਾਬਕਾ ਸਰਪੰਚ ਦਵਿੰਦਰ ਸਿੰਘ ਕੁਰੜਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਮੰਡੀਆਂ ਵਿਚੋਂ ਝੋਨੇ ਦੀ ਤਸੱਲੀਬਖਸ਼ ਖਰੀਦ ਕਰਕੇ ਅਤੇ ਝੋਨੇ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਰਕੇ ਮੌਜੂਦਾ ਸਰਕਾਰ ਨੇ ਕਿਸਾਨ-ਹਿਤੈਸ਼ੀ ਸਰਕਾਰ ਦਾ ਸਬੂਤ ਦੇ ਰਹੀ ਹੈ ਅਤੇ ਵਿਧਾਨ ਸਭਾ ਹਲਕਾ ਮੋਹਾਲੀ ਵਿਚ ਪੈਂਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਝੋਨਾ ਵੇਚਣ ਦੀ ਕਿਸੇ ਕਿਸਮ ਦੀ ਦਿੱਕਤ ਨਹੀਂ ਆ ਰਹੀ, ਜਿਸ ਕਰਕੇ ਕਿਸਾਨ ਵੀ ਖੁਸ਼ ਹਨ।


Related News