ਨਸ਼ਾ ਕਰਨ ਵਾਲੇ ਗਰੀਬਾਂ ਦਾ ਸਰਕਾਰੀ ਕੇਂਦਰਾਂ ''ਚ ਹੋਵੇਗਾ ਮੁਫਤ ਇਲਾਜ
Wednesday, Jul 11, 2018 - 07:23 AM (IST)

ਜਲੰਧਰ/ਚੰਡੀਗੜ੍ਹ (ਧਵਨ, ਅਸ਼ਵਨੀ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਗਰੀਬ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਅੱਜ ਸੂਬੇ ਦੇ ਸਾਰੇ ਸਿਵਲ ਸਰਜਨਾਂ, ਮੈਡੀਕਲ ਸੁਪ੍ਰਿੰਟੈਂਡੈਂਟਾਂ ਅਤੇ ਗਵਰਨਮੈਂਟ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਨਾਲ ਉੱਚ ਪੱਧਰੀ ਬੈਠਕ ਕੀਤੀ, ਜਿਸ ਵਿਚ ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ ਨੂੰ ਕਿਹਾ ਕਿ ਉਹ ਗਰੀਬਾਂ ਦੇ ਮੁਫਤ ਇਲਾਜ ਲਈ ਜ਼ਰੂਰੀ ਫੰਡ ਤੁਰੰਤ ਜਾਰੀ ਕਰ ਦੇਵੇ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਹੋਰ ਫੰਡਾਂ ਦੀ ਜ਼ਰੂਰਤ ਹੋਵੇਗੀ ਤਾਂ ਸਰਕਾਰ ਉਸ ਦਾ ਵੀ ਪ੍ਰਬੰਧ ਕਰੇਗੀ ਅਤੇ ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਤੋਂ ਵੀ ਫੰਡ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਨਾਮੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਿਹਤ ਸੰਗਠਨਾਂ ਤੋਂ ਵਿੱਤੀ ਮਦਦ ਲੈਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏ। ਨਸ਼ਿਆਂ ਦੇ ਖਿਲਾਫ ਲੜਨ ਵਾਲੇ ਸੇਵਾ ਸੰਗਠਨਾਂ ਦਾ ਵੀ ਸਹਿਯੋਗ ਲਿਆ ਜਾਣਾ ਚਾਹੀਦਾ। ਕੈਪਟਨ ਨੇ ਕਿਹਾ ਕਿ ਨਸ਼ਿਆਂ ਦੀ ਸਮੱਗਲਿੰਗ ਦਾ ਮਾਮਲਾ ਅੰਤਰਰਾਸ਼ਟਰੀ ਸਮੱਸਿਆ ਹੈ ਅਤੇ ਉਹ ਇਸ ਮਾਮਲੇ ਨੂੰ ਜਲਦੀ ਹੀ ਪ੍ਰਧਾਨ ਮੰਤਰੀ ਦੇ ਸਾਹਮਣੇ ਉਠਾਉਣਗੇ ਕਿਉਂਕਿ ਪੰਜਾਬ ਨਸ਼ਿਆਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਸ਼ਿਆਂ ਅਤੇ ਨਾਰਕੋਟਿਕਸ ਨੂੰ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਪੰਜਾਬ ਵਿਚ ਆਉਣ 'ਤੇ ਰੋਕ ਲਗਾਉਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ। ਐੱਸ. ਟੀ. ਐੱਫ. ਦੇ ਆਈ. ਜੀ. ਨੇ ਸੂਚਿਤ ਕੀਤਾ ਕਿ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਇਹ ਪ੍ਰਬੰਧ ਹੈ ਕਿ ਪੰਜਾਬ ਨਸ਼ਿਆਂ ਦੇ ਖਿਲਾਫ ਲੜਾਈ ਲੜਨ ਵਿਚ ਕੇਂਦਰ ਤੋਂ ਫੰਡ ਲੈ ਸਕਦਾ ਹੈ। ਮੁੱਖ ਮੰਤਰੀ ਨੇ ਸਿਹਤ ਮੰਤਰੀ ਨੂੰ ਕਿਹਾ ਕਿ ਉਹ ਕੇਂਦਰੀ ਸਮਾਜਿਕ ਨਿਆਂ ਮੰਤਰੀ ਦੇ ਸਾਹਮਣੇ ਇਹ ਮਾਮਲਾ ਉਠਾਉਣ।
ਚਰਚਾ ਵਿਚ ਭਾਗ ਲੈਂਦਿਆਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਲੋਕਾਂ ਦੇ ਪ੍ਰਤੀ ਸਰਕਾਰੀ ਏਜੰਸੀਆਂ ਨੂੰ ਚੰਗਾ ਰੁਖ਼ ਅਪਣਾਉਣਾ ਚਾਹੀਦਾ ਹੈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਨੂੰ ਸੁਪਰ ਸਪੈਸ਼ਲਿਟੀ ਡਾਕਟਰਾਂ ਦੀ ਕਮੀ ਦੇ ਮਾਮਲੇ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਜਲਦੀ ਹੀ ਨਸ਼ਿਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਮਾਹਿਰਾਂ ਦੀ ਭਰਤੀ ਕਰ ਲਵੇਗਾ ਤਾਂ ਕਿ ਨਸ਼ਾ ਕਰਨ ਵਾਲੇ ਲੋਕਾਂ ਦਾ ਇਲਾਜ ਕਰਨ ਵਿਚ ਮੁਸ਼ਕਲਾਂ ਨਾ ਆਉਣ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ, ਪ੍ਰਧਾਨ ਸਕੱਤਰ ਤੇਰਵੀਰ ਸਿਘ, ਐਡੀਸ਼ਨਲ ਮੁੱਖ ਸਕੱਤਰ ਗ੍ਰਹਿ ਐੱਨ. ਐੱਸ. ਕਲਸੀ, ਵਧੀਕ ਮੁੱਖ ਸਿਹਤ ਸਤੀਸ਼ ਚੰਦਰਾ, ਆਈ. ਜੀ. (ਐੱਸ. ਟੀ. ਐੱਫ.) ਆਰ. ਕੇ. ਜਾਇਸਵਾਲ, ਏ. ਡੀ. ਜੀ. ਪੀ. ਕਾਨੂੰਨ ਵਿਵਸਥਾ, ਈਸ਼ਵਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਅਫਰੀਕਨ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਯੂਨੀਵਰਸਿਟੀਆਂ 'ਤੇ ਏਜੰਸੀਆਂ ਰੱਖਣ ਨਜ਼ਰ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਨਾਪਾਕ ਸਰਗਰਮੀਆਂ 'ਤੇ ਨਜ਼ਰ ਰੱਖਣ ਲਈ ਪੁਲਸ ਨੂੰ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਫਰੀਕਾ ਤੋਂ ਆਏ ਵਿਦਿਆਰਥੀਆਂ 'ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਪ੍ਰਾਈਵੇਟ ਯੂਨੀਵਰਸਿਟੀਆਂ, ਕਾਲਜਾਂ ਤੇ ਹੋਰ ਸਿੱਖਿਆ ਸੰਸਥਾਵਾਂ 'ਤੇ ਵੀ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਕਿਉੁਂਕਿ ਉਥੇ ਵੀ ਨਸ਼ੇ ਪਹੁੰਚਾਉਣ ਦੀ ਸੂਚਨਾ ਮਿਲ ਰਹੀ ਹੈ। ਉਨ੍ਹਾਂ ਇਨ੍ਹਾਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਅਜਿਹੇ ਵਿਦਿਆਰਥੀਆਂ ਦਾ ਪਤਾ ਲਾ ਕੇ ਸਰਕਾਰੀ ਏਜੰਸੀਆਂ ਨੂੰ ਸੂਚਨਾ ਦੇਣ।
ਪੁਲਸ ਨਸ਼ਾ ਕਰਨ ਵਾਲੇ ਲੋਕਾਂ ਨੂੰ ਤੰਗ ਨਾ ਕਰੇ-ਮੁੱਖ ਮੰਤਰੀ ਨੇ ਪੁਲਸ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਨਸ਼ਾ ਕਰਨ ਵਾਲੇ ਲੋਕਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਨਾ ਕਰਨ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਟਰਾਂਸਪੋਰਟ ਵਿਭਾਗ ਦੇ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਕਰਨ ਵਾਲੇ ਗਰੀਬਾਂ ਨੂੰ ਇਕ ਥਾਂ ਤੋਂ ਦੂਜੀ ਥਾਂ 'ਤੇ ਜਾਣ ਲਈ ਮੁਫਤ ਸਹੂਲਤ ਸਰਕਾਰੀ ਬੱਸਾਂ ਵਿਚ ਦਿੱਤੀ ਜਾਣੀ ਚਾਹੀਦੀ ਹੈ।