ਜ਼ਿਲ੍ਹੇ ਅੰਦਰ ਮੁਫ਼ਤ ਯੋਗਾ ਕਲਾਸਾਂ ਰਾਹੀਂ ਦਿੱਤੀ ਜਾ ਰਹੀ ਹੈ ਸਿਖਲਾਈ

Tuesday, Nov 26, 2024 - 10:43 AM (IST)

ਜ਼ਿਲ੍ਹੇ ਅੰਦਰ ਮੁਫ਼ਤ ਯੋਗਾ ਕਲਾਸਾਂ ਰਾਹੀਂ ਦਿੱਤੀ ਜਾ ਰਹੀ ਹੈ ਸਿਖਲਾਈ

ਮਾਨਸਾ (ਸੰਦੀਪ ਮਿੱਤਲ) : ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਗਈ ਸੀ. ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ 'ਚ ਮੁਫ਼ਤ ਯੋਗਾ ਦੀਆਂ 131 ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ 'ਚ ਲੋਕਾਂ ਨੂੰ ਯੋਗਾ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ ਨੇ  ਸੀ. ਐੱਮ. ਦੀ ਯੋਗਸ਼ਾਲਾ ਤਹਿਤ ਕੀਤੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਯੋਗਾ ਕਲਾਸਾਂ ਦਾ ਜ਼ਿਲ੍ਹੇ ਦੇ ਲੋਕਾਂ ਵੱਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਕੇ ਲਾਭ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ. ਡੀ. ਐੱਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਯੋਗਾ ਕਰਨ ਵਾਲਾ ਮਨੁੱਖ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਦਰੁਸਤ ਰਹਿੰਦਾ ਹੈ ਅਤੇ ਸਾਰਾ ਦਿਨ ਖ਼ੁਦ ਨੂੰ ਤਰੋਤਾਜ਼ਾ ਮਹਿਸੂਸ ਕਰਦਾ ਹੈ। ਉਨ੍ਹਾਂ ਦੱਸਿਆ ਕਿ ਯੋਗਾ ਨਾਲ ਕਈ ਬੀਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਲਈ ਸਾਨੂੰ ਰੋਜ਼ਾਨਾ ਯੋਗਾ ਜ਼ਰੂਰ ਕਰਨਾ ਚਾਹੀਦਾ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਕੋ-ਆਰਡੀਨੇਟਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ ਵਿਚ ਕੁੱਲ 131 ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ 4430 ਸਿੱਖਿਆਰਥੀਆਂ ਨੂੰ ਯੋਗਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ 23 ਮਾਹਿਰ ਟ੍ਰੇਨਰ ਲੋਕਾਂ ਨੂੰ ਰੋਜ਼ਾਨਾ ਸਵੇਰੇ ਅਤੇ ਸ਼ਾਮ ਕਲਾਸਾਂ ਲਗਾ ਕੇ ਯੋਗਾ ਦੀ ਸਿਖਲਾਈ ਪ੍ਰਦਾਨ ਕਰ ਰਹੇ ਹਨ। ਲੋਕਾਂ ਨੂੰ ਮਾਨਸਾ ਵਿਖੇ 10, ਬੁਢਲਾਡਾ ਵਿਖੇ 5, ਝੁਨੀਰ ਵਿਖੇ 3, ਸਰਦੂਲਗੜ੍ਹ ਵਿਖੇ 3 ਅਤੇ ਭੀਖੀ ਵਿਖੇ 2 ਟ੍ਰੇਨਰਾਂ ਵੱਲੋਂ ਯੋਗਾ ਸਿਖਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਯੋਗਾ ਕਲਾਸਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਨਾਲ ਜ਼ਿਲ੍ਹੇ ਦੇ 2793 ਮੈਂਬਰ ਜੁੜ ਚੁੱਕੇ ਹਨ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫ਼ਸਰ ਡਾ. ਨਮਿਤਾ ਗਰਗ, ਸੁਪਰੀਡੈਂਟ ਸ਼ਕੂੰਤਲਾ, ਸੁਪਰਡੈਂਟ ਕਮਲੇਸ਼, ਸੀਨੀਅਰ ਸਹਾਇਕ ਚਰਨਜੀਤ ਕੌਰ ਮੌਜੂਦ ਸਨ।


author

Babita

Content Editor

Related News