25 ਜੂਨ ਤੋਂ ਘਰ-ਘਰ ਜਾ ਕੇ ਬੀ. ਐੱਲ. ਓਜ਼. ਭਰਵਾਉਣਗੇ ਇਨੂਮਰੇਸ਼ਨ ਫਾਰਮ
Monday, Jun 22, 2026 - 03:31 PM (IST)
ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਮਕਸਦ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹੇ ਦੇ ਕੁੱਲ 7,18,760 ਵੋਟਰਾਂ ਵਿੱਚੋਂ 6,16,817 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ 'ਚ ਕੁੱਲ 903 ਪੋਲਿੰਗ ਬੂਥਾਂ ਲਈ 903 ਬੀ. ਐੱਲ. ਓਜ਼ ਅਤੇ 91 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 23-24 ਜੂਨ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ. ਐੱਲ. ਓਜ਼ ਬੀ. ਐੱਲ. ਏ. ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਮੀਟਿੰਗਾਂ ਕਰਨਗੇ।
ਦੀਪਸ਼ਿਖਾ ਸ਼ਰਮਾ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 25 ਜੂਨ ਤੋਂ 24 ਜੁਲਾਈ, 2026 ਤੱਕ ਬੀ. ਐੱਲ. ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
