ਕਿਸਾਨਾਂ ਫੂਕਿਆ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ
Monday, Feb 05, 2018 - 06:25 AM (IST)

ਗੁਰੂਹਰਸਹਾਏ, (ਆਵਲਾ)— ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨਾਂ ਤੇ ਮਜ਼ਦੂਰਾਂ ਵਿਰੋਧੀ ਗਲਤ ਨੀਤੀਆਂ ਖਿਲਾਫ ਕਿਸਾਨ ਸੰਘਰਸ਼ ਕਮੇਟੀ ਦੀ ਕਾਲ 'ਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਗੁਰੂਹਰਸਹਾਏ ਵਿਚ ਪਿੰਡ ਗੁੱਦੜ ਢੰਡੀ, ਲਾਲਚੀਆਂ, ਬੁੱਢੇ ਸ਼ਾਹ, ਚੱਪਾ ਅੜਿਕੀ, ਵਿਰਕ ਖੁਰਦ, ਗੁਰੂਹਰਸਹਾਏ, ਜਤਾਲਾ, ਜੋਧਪੁਰ, ਸਾਹਨਕੇ ਆਦਿ ਵਿਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਲਾਮਬੰਦ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਕੀਤੀ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਕਰਨ ਲਈ ਆਵਾਜ਼ ਬੁਲੰਦ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਸਤਨਾਮ ਸਿੰਘ, ਸਾਹਿਬ ਸਿੰਘ ਦੀਨੇ ਕੇ, ਧਰਮ ਸਿੰਘ ਲਾਲਚੀਆਂ, ਨਰਿੰਦਰਪਾਲ ਸਿੰਘ ਜਤਾਲਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਸਭ ਤਰ੍ਹਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਬਰਬਾਦ ਹੋ ਚੁੱਕੀ ਕਿਸਾਨੀ ਨੂੰ ਹੋਰ ਤਬਾਅ ਕਰਨ ਲਈ ਸਰਕਾਰ ਨੇ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ 'ਤੇ ਮੀਟਰ ਲਾਉਣ ਦਾ ਐਲਾਨ ਕਰ ਦਿੱਤਾ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਜਥੇਬੰਦੀਆਂ ਆਪਣਾ ਸੰਘਰਸ਼ ਤੇਜ਼ ਕਰਨਗੀਆਂ।
ਇਸ ਮੌਕੇ ਗੁਰਚਰਨ ਸਿੰਘ ਗੁੱਦੜ ਢੰਡੀ, ਗੁਰਮੇਲ ਸਿੰਘ ਚੱਪਾ ਅੜਿਕੀ, ਗੁਰਬਖਸ਼ ਸਿੰਘ, ਹਰਜਿੰਦਰ ਸਿੰਘ, ਜਗਸੀਰ ਸਿੰਘ ਆਦਿ ਨੇ ਆਪਣੇ ਵਿਚਾਰ ਰੱਖੇ ਤੇ ਸਰਕਾਰ ਖਿਲਾਫ ਆਪਣੀ-ਆਪਣੀ ਭੜਾਸ ਕੱਢੀ।