ਰੋਡਵੇਜ਼ ਨੂੰ ਤਰੱਕੀ ਵੱਲ ਲਿਜਾਣ ਲਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਕਰ ਰਹੇ ਹਾਂ ਪੂਰਾ : ਭੁੱਲਰ
Friday, May 12, 2023 - 07:52 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਲਗਭਗ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਲਈ ਉਹ ਥੋੜ੍ਹਾ ਸੰਜਮ ਰੱਖਣ ਅਤੇ ਸਰਕਾਰ ਦਾ ਸਾਥ ਦੇਣ। ਆਪਣੇ ਦਫ਼ਤਰ 'ਚ ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਦੀਆਂ ਲੰਮੇ ਸਮੇਂ ਤੋਂ ਅੱਧਵਾਟੇ ਪਈਆਂ ਮੰਗਾਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜ਼ੀਫ਼ਾ ਦੇਣ ਲਈ 110 ਲੱਖ ਰੁਪਏ ਦੀ ਰਾਸ਼ੀ ਜਾਰੀ
ਬੱਸਾਂ ਦੇ ਟਾਈਮ-ਟੇਬਲ ਵਿੱਚ ਇਕਸਾਰਤਾ ਲਿਆਉਣ ਬਾਰੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਸਰਕਾਰੀ ਬੱਸ ਸਰਵਿਸ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਬੱਸਾਂ ਦੀ ਕੀਮਤ 'ਤੇ ਪ੍ਰਾਈਵੇਟ ਅਦਾਰਿਆਂ ਨੂੰ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਅਧਿਕਾਰੀਆਂ ਨੂੰ ਬੱਸ ਟਾਈਮ-ਟੇਬਲ ਦੀਆਂ ਊਣਤਾਈਆਂ ਛੇਤੀ ਤੋਂ ਛੇਤੀ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਭੁੱਲਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਹੋ ਚੁੱਕੀਆਂ ਬੱਸਾਂ ਨੂੰ ਰੋਡਵੇਜ਼ ਵਿੱਚ ਮਰਜ ਕਰਨ ਬਾਰੇ ਦੱਸਿਆ ਕਿ ਪਨਬੱਸ ਦੀਆਂ 587 ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਬਾਰੇ ਮਾਮਲਾ ਆਖ਼ਰੀ ਪੜਾਅ 'ਤੇ ਹੈ ਅਤੇ ਨੇੜ ਭਵਿੱਖ 'ਚ ਇਸ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਜਾਵੇਗਾ। ਮੀਟਿੰਗ 'ਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਮੈਡਮ ਅਮਨਦੀਪ ਕੌਰ, ਡਿਪਟੀ ਡਾਇਰੈਕਟਰ ਪ੍ਰਨੀਤ ਸਿੰਘ ਮਿਨਹਾਸ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।