ਬਿਜਲੀ ਮੰਤਰੀ ਦਾ ਬਿਆਨ, ਕਿਹਾ-ਕਿਸਾਨਾਂ ਨੂੰ ਝੋਨੇ ਲਈ ਦਿੱਤੀ ਪੂਰੀ ਬਿਜਲੀ, ਸਿਸਟਮ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਜ਼ੋਰ
Sunday, Jun 04, 2023 - 09:29 AM (IST)
ਜਲੰਧਰ (ਧਵਨ)- ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਮਾਰਕੀਟ ਕਮੇਟੀ ਜੰਡਿਆਲਾ ਦੇ ਨਵੇਂ ਚੇਅਰਮੈਨ ਸੂਬੇਦਾਰ ਚਾਣਖਿਆ ਸਿੰਘ ਤੇ ਹੋਰਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਵਲੰਟੀਅਰਾਂ ਨੂੰ ਪੂਰਾ ਮਾਣ- ਸਤਿਕਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵਲੰਟੀਅਰਾਂ ਨੇ ਮਿਹਨਤ ਕੀਤੀ ਹੈ ਉਨ੍ਹਾਂ ਨੂੰ ਮੁੱਖ ਮੰਤਰੀ ਨੇ ਚੰਗੇ ਅਹੁਦੇ ਦਿੱਤੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਅਤੇ ਹੋਰ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਈਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ। ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਕਿਸਾਨਾਂ ਅਤੇ ਖੇਤੀਬਾੜੀ ਖੇਤਰ ’ਚ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੁਧਾਰਾਂ ਨੂੰ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨਾਂ ਨੂੰ ਪਜਾਬ ਸਰਕਾਰ ਨੇ ਆਪਣੇ ਵੱਲੋਂ ਪੂਰਾ ਸਹਿਯੋਗ ਦਿੱਤਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਪ੍ਰਣਾਲੀ ਮਜ਼ਬੂਤ ਹੋਵੇਗੀ ਤਾਂ ਇਸ ਦਾ ਕਿਸਾਨਾਂ ਸਮੇਤ ਸਾਰੇ ਵਰਗਾਂ ਨੂੰ ਫਾਇਦਾ ਹੋਵੇਗਾ। ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਬਿਜਲੀ ਦੇ ਬਿੱਲਾਂ ਨੂੰ ਮੁਆਫ ਕੀਤਾ, ਜਿਸ ਕਾਰਨ ਲੱਖਾਂ ਲੋਕਾਂ ਦੇ ਬਿੱਲ ਜ਼ੀਰੋ ਆ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਦੇ ਰਾਸ਼ਟਰਪਤੀ ਬਾਈਡੇਨ ਨੇ ਭਾਰਤ 'ਚ ਹੋਏ ਰੇਲ ਹਾਦਸੇ 'ਤੇ ਪ੍ਰਗਟਾਇਆ ਦੁੱਖ, ਪੀੜਤਾਂ ਲਈ ਕੀਤੀ ਪ੍ਰਾਰਥਨਾ
ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਪਹਿਲੀ ਵਾਰ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੀ ਬਿਜਲੀ ਦੇ ਬਿੱਲ ਨਹੀਂ ਭਰਨੇ ਪਏ ਅਤੇ ਜ਼ੀਰੋ ਬਿੱਲ ਆਉਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਵੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਕਿਸੇ ਵਰਗ ਨਾਲ ਵਿਤਕਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਅੱਗੇ ਵੀ ਜਨਤਾ ਨਾਲ ਕੀਤੇ ਹੋਰ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਨਾਲ ਹੀ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਹੋਣਗੇ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ’ਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਈ ਹੈ ਕਿਉਂਕਿ ਭਗਵੰਤ ਮਾਨ ਸਰਕਾਰ ’ਚ ਲੋਕਾਂ ਦਾ ਭਰੋਸਾ ਵਧਿਆ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।