ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਹੋਇਆ ਅੰਤਿਮ ਸੰਸਕਾਰ, ਭੈਣਾਂ ਨੇ ਸਿਹਰਾ ਸਜਾ ਭਰਾ ਨੂੰ ਦਿੱਤੀ ਅੰਤਿਮ ਵਿਦਾਈ

02/29/2024 7:03:10 PM

ਬਠਿੰਡਾ (ਵੈੱਬ ਡੈਸਕ, ਵਿਜੈ)- ਖਨੌਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਨੌਜਵਾਨ ਸ਼ੁਭਕਰਨ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਬੁੱਲੋ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਅੰਤਿਮ ਸੰਸਕਾਰ ਤੋਂ ਪਹਿਲਾਂ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਕਿਸਾਨ ਆਗੂਆਂ ਵੱਲੋਂ ਐਂਬੂਲੈਂਸ ਰਾਹੀਂ ਖਨੌਰੀ ਬਾਰਡਰ 'ਤੇ ਅੰਤਿਮ ਦਰਸ਼ਨਾਂ ਲਈ ਲਿਜਾਇਆ ਗਿਆ ਸੀ, ਜਿੱਥੇ ਕਿਸਾਨਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਕਿਸਾਨੀ ਦੇ ਨਾਅਰੇ ਲਗਾਏ ਗਏ ਸਨ।

PunjabKesari

ਅੰਤਿਮ ਦਰਸ਼ਨਾਂ ਤੋਂ ਬਾਅਦ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਬੁੱਲੋ ਵਿਚ ਲਿਜਾਇਆ ਗਿਆ, ਜਿੱਥੇ ਧਾਹਾਂ ਮਾਰ-ਮਾਰ ਰੋਂਦੀਆਂ ਭੈਣਾਂ ਨੇ ਭਰਾ ਦੇ ਸਿਰ 'ਤੇ ਸਿਹਰਾ ਸਜਾ ਕੇ ਅੰਤਿਮ ਵਿਦਾਈ ਦਿੱਤੀ। ਅਤਿ ਗਮਗੀਨ ਮਾਹੌਲ ਨੂੰ ਵੇਖ ਹਰ ਕਿਸੇ ਦੀ ਅੱਖ ਨਮ ਸੀ। ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਲੋਕਾਂ ਵੱਲੋਂ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।  

ਇਸ ਦੌਰਾਨ ਬੀ. ਕੇ. ਯੂ. ਸਿੱਧੂਪੁਰ ਦੇ ਪੰਜਾਬ ਪ੍ਰਧਾਨ ਅਤੇ ਮਜ਼ਦੂਰ ਕਿਸਾਨ ਯੂਨੀਅਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਸਰਕਾਰ ਜਲਦੀ ਤੋਂ ਜਲਦੀ ਵੀਡੀਓ ਫੁਟੇਜ ਦੀ ਡੂੰਘਾਈ ਨਾਲ ਜਾਂਚ ਕਰੇ ਅਤੇ ਦੋਸ਼ੀ ਖ਼ਿਲਾਫ਼ ਕਾਰਵਾਈ ਕਰੇ। ਇਸ ਤੋਂ ਬਾਅਦ ਕਿਸਾਨ ਯੂਨੀਅਨ ਅਗਲਾ ਫ਼ੈਸਲਾ ਲਵੇਗੀ। ਸਰਕਾਰ ਨੂੰ ਕਿਸਾਨ ਪ੍ਰਿਤਪਾਲ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਖ਼ਿਲਾਫ਼ ਵੀ ਕਾਰਵਾਈ ਕਰਨੀ ਚਾਹੀਦੀ ਹੈ। ਸ਼ੁਭਕਰਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ। ਹਜ਼ਾਰਾਂ ਹੰਝੂ ਭਰੀਆਂ ਅੱਖਾਂ ਨੇ ਪਰਿਵਾਰ ਸਮੇਤ ਅੰਤਿਮ ਵਿਦਾਈ ਦਿੱਤੀ। ਨੌਂ ਦਿਨਾਂ ਬਾਅਦ ਹੋਈਆਂ ਅੰਤਿਮ ਰਸਮਾਂ ਬਾਰੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਜਦਕਿ ਸੀ. ਸੀ. ਟੀ. ਵੀ. ਫੁਟੇਜ ਤੋਂ ਮੁਲਜ਼ਮਾਂ ਦਾ ਪਤਾ ਲੱਗ ਜਾਵੇਗਾ। 

ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਬਿਆਨ, ਸੂਬੇ ’ਚ ਵੱਡੇ ਆਗੂਆਂ ਦੇ ਕਾਰਨਾਮਿਆਂ ਨੂੰ ਆਉਣ ਵਾਲੇ ਦਿਨਾਂ ’ਚ ਕੀਤਾ ਜਾਵੇਗਾ ਬੇਨਕਾਬ

PunjabKesariਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ 3 ਮਾਰਚ ਨੂੰ ਪਿੰਡ ਵਿੱਚ ਸ਼ੁਭਕਰਨ ਦਾ ਚੜ੍ਹਾਵਾ ਚੜ੍ਹਾਇਆ ਜਾਵੇਗਾ ਅਤੇ ਉਸ ਦੀ ਯਾਦ ਵਿੱਚ ਉੱਥੇ ਇਕ ਨਿਸ਼ਾਨ ਵੀ ਬਣਾਇਆ ਜਾਵੇਗਾ। ਬੁਰੀ ਤਰ੍ਹਾਂ ਜ਼ਖ਼ਮੀ ਹੋਏ ਕਿਸਾਨ ਆਗੂ ਪ੍ਰੀਤਪਾਲ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ, ਉਸ ਸਬੰਧੀ ਹਰਿਆਣਾ ਸਰਕਾਰ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ: ਖਨੌਰੀ ਬਾਰਡਰ 'ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ 'ਤੇ CM ਮਾਨ ਦਾ ਵੱਡਾ ਬਿਆਨ

PunjabKesari

ਸ਼ਾਮ 4 ਵਜੇ ਪੋਸਟਮਾਰਟਮ ਤੋਂ ਬਾਅਦ ਜਿਉਂ ਹੀ ਸ਼ੁਭਕਰਨ ਦੀ ਲਾਸ਼ ਉਸ ਦੇ ਪਿੰਡ ਪਹੁੰਚੀ ਤਾਂ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਸਾਥੀ ਆਗੂਆਂ ਸਮੇਤ ਉਥੇ ਪੁੱਜੇ ਅਤੇ ਬਠਿੰਡਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ, ਰਾਜਨ ਗਰਗ ਸਮੇਤ ਸੈਂਕੜੇ ਵਰਕਰ ਹਾਜ਼ਰ ਸਨ। ਸਵਰਨ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਪੰਜਾਬ ਪ੍ਰਧਾਨ ਬੀ. ਕੇ. ਯੂ., ਸੁਖਦੇਵ ਸਿੰਘ ਉਗਰਾਹਾਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸ਼ੁੱਭਕਰਨ ਦੀ ਅੰਤਿਮ ਅਰਦਾਸ 3 ਮਾਰਚ ਨੂੰ ਕਰਵਾਈ ਜਾਵੇਗੀ ਤੇ ਉਨ੍ਹਾਂ ਸਾਰੇ ਪੰਜਾਬ ਵਾਸੀਆਂ ਨੂੰ ਉੱਥੇ ਪਹੁੰਚਣ ਦੀ ਬੇਨਤੀ ਕੀਤੀ। 

ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸਦੀ ਛੋਟੀ ਭੈਣ ਨੂੰ ਪੁਲਸ ਵਿੱਚ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਲਾਸ਼ ਨੂੰ ਸਸਕਾਰ ਲਈ ਨੌਂ ਦਿਨ ਤੱਕ ਰੱਖਿਆ। ਉਨ੍ਹਾਂ ਕਿਹਾ ਸੀ ਕਿ ਕਿ ਜਦੋਂ ਤੱਕ ਮੁਲਜ਼ਮਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਨ੍ਹਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪਹਿਲਾਂ ਤਾਂ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਪਰਿਵਾਰ ਨੂੰ ਰਾਹਤ ਦੇਣ ਸਬੰਧੀ ਦਿੱਤੇ ਬਿਆਨ ਨੂੰ ਸਿਰੇ ਤੋਂ ਨਕਾਰ ਦਿੱਤਾ ਪਰ ਬਾਅਦ ਵਿੱਚ ਮੰਨ ਲਿਆ।

PunjabKesari

ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਖਨੌਰੀ ਸਰਹੱਦ 'ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਸੀ। ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਪੁਲਸ ਨੇ ਪਟਿਆਲਾ ਦੇ ਪਾਤੜਾਂ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਕਿਸਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਰਾਤ 11 ਵਜੇ ਸ਼ੁਭਕਰਨ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਸੀ। 

ਕਾਨੂੰਨੀ ਮਾਹਿਰਾਂ ਦੀ ਸਲਾਹ ਮਗਰੋਂ ਹੋਈ ਐੱਫ਼. ਆਈ. ਆਰ. ਦਰਜ
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਖਨੌਰੀ ਬਾਰਡਰ 'ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਕਤ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਕਿ ਘਟਨਾ ਕਿੱਥੇ ਹੋਈ ਹੈ ਅਤੇ ਇਸ ਦੇ ਲਈ ਕੌਣ-ਕੌਣ ਜ਼ਿੰਮੇਵਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈਣ ਉਪਰੰਤ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਮਗਰੋਂ ਹੀ ਸ਼ੁਭਕਰਨ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪਹਿਲਾਂ ਹੀ ਕੀਤਾ ਗਿਆ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 

PunjabKesari
 

ਪਾਤੜਾਂ 'ਚ ਧਾਰਾ-302 ਤੇ 114 ਦਰਜ ਕੀਤੀ ਗਈ ਹੈ ਐੱਫ਼. ਆਈ. ਆਰ.
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਟਿਆਲਾ ਪੁਲਸ ਨੇ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ 'ਚ ਪਾਤੜਾਂ 'ਚ ਧਾਰਾ-302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜ਼ੀਰੋ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਈ. ਜੀ. ਸੁਖਚੈਨ ਗਿੱਲ ਨੇ ਦੱਸਿਆ ਕਿ ਸ਼ੁਭਕਰਨ ਸਿੰਘ ਦੇ ਮਾਮਲੇ 'ਚ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈਣ ਮਗਰੋਂ ਜ਼ੀਰੋ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।

ਇਸ ਕੇਸ ਦੀ ਅਗਲੇਰੀ ਤਫ਼ਤੀਸ਼ ਕਾਨੂੰਨ ਮੁਤਾਬਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਪਰਿਵਾਰ ਵੱਲੋਂ ਸ਼ੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਅਤੇ ਉਨ੍ਹਾਂ ਦੀ ਧੀ ਨੂੰ ਕਾਂਸਟੇਬਲ ਦੀ ਨੌਕਰੀ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਗੋਲ਼ੀ ਲੱਗਣ ਕਰਕੇ ਸ਼ਹੀਦ ਹੋਏ 21 ਸਾਲਾ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿਚ ਪਾਤੜਾਂ ਥਾਣਾ ਪੁਲਸ ’ਚ ਜ਼ੀਰੋ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਥਾਣੇ ਅਧੀਨ ਆਉਂਦੀ ਚੌਂਕੀ ਠਰੁਆ ਦੇ ਅਧਿਕਾਰ ਖੇਤਰ ਵਿਚ ਆਉਂਦੇ ਖਨੌਰੀ ਬਾਰਡਰ ਵਿਖੇ ਇਹ ਹਾਦਸਾ ਵਿਖਾਇਆ ਗਿਆ ਹੈ। ਇਸ ਤੋਂ ਬਾਅਦ ਪੁਲਸ ਨੇ ਅਣਜਾਣ ਵਿਅਕਤੀਆਂ ਅਤੇ ਪੁਲਸ ਅਧਿਕਾਰੀਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 302 ਅਤੇ 114 ਤਹਿਤ ਪਰਚਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News