ਆਂਗਣਵਾੜੀ ਮੁਲਾਜ਼ਮਾਂ ਵੱਲੋਂ ਰਵਨੀਤ ਬਿੱਟੂ ਦੀ ਕੋਠੀ ਦਾ ਘਿਰਾਓ

11/23/2017 6:30:03 AM

ਲੁਧਿਆਣਾ, (ਸਲੂਜਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਇਕਾਈ ਦੀ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ ਵਿਚ ਆਂਗਣਵਾੜੀ ਵਰਕਰਾਂ ਨੇ ਅੱਜ ਇਥੇ ਐੱਮ. ਪੀ. ਰਵਨੀਤ ਸਿੰਘ ਬਿੱਟੂ ਦੀ ਕੋਠੀ ਦਾ ਘਿਰਾਓ ਕਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਆਪਣੇ ਅਧਿਕਾਰਾਂ ਦੀ ਰਾਖੀ ਨੂੰ ਲੈ ਕੇ ਦਿੱਤੇ ਗਏ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ਿਲਾ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ 54 ਹਜ਼ਾਰ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਪ੍ਰਤੀ ਨਾ ਤਾਂ ਮੋਦੀ ਅਤੇ ਨਾ ਹੀ ਪੰਜਾਬ ਸਰਕਾਰ ਗੰਭੀਰ ਹੈ। ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਪ੍ਰੀ-ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਰਹੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਭਰ ਵਿਚ ਜਿੱਥੇ ਵੀ ਕਾਂਗਸੀ ਐੱਮ. ਪੀ. ਅਤੇ ਮੰਤਰੀ ਮੌਜੂਦ ਹੋਣਗੇ, ਉਥੇ ਉਨ੍ਹਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਭੁੱਖ ਹੜਤਾਲ 'ਤੇ ਬੈਠ ਕੇ ਰੋਸ ਧਰਨੇ ਦਿੱਤੇ ਜਾਣਗੇ। ਇਹ ਸੰਘਰਸ਼ 30 ਨਵੰਬਰ ਤੱਕ ਜਾਰੀ ਰਹੇਗਾ।
ਬਲਾਕ ਪ੍ਰਧਾਨ ਅਮਰਜੀਤ ਕੌਰ ਅਤੇ ਨਿਰਮਲ ਕੌਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਹੀ ਮੰਗ ਕਰਦੀਆਂ ਆ ਰਹੀਆਂ ਹਨ ਕਿ ਉਨ੍ਹਾਂ ਦੇ ਭੱਤੇ ਵਿਚ ਵਾਧਾ ਕੀਤਾ ਜਾਵੇ। 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦਾ ਦਾਖਲਾ ਅਤੇ ਪ੍ਰਾਇਮਰੀ ਸਿੱਖਿਆ ਆਂਗਣਵਾੜੀ ਕੇਂਦਰਾਂ ਵਿਚ ਯਕੀਨੀ ਬਣਾਈ ਜਾਵੇ। ਰੈਗੂਲਰ ਆਧਾਰ 'ਤੇ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ। ਬਿਜਲੀ, ਪਾਣੀ ਅਤੇ ਪਖਾਨੇ ਦਾ ਪ੍ਰਬੰਧ ਕੀਤਾ ਜਾਵੇ। ਲੇਬਰ ਬੋਰਡ ਦੀਆਂ ਸਿਫਾਰਸ਼ਾਂ ਦੇ ਮੁਤਾਬਕ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਈ. ਪੀ. ਐੱਫ. ਅਤੇ ਈ. ਐੱਸ. ਆਈ. ਦੇ ਅਧੀਨ ਲਿਆਂਦਾ ਜਾਵੇ। ਗ੍ਰੈਚੁਟੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। 
ਇਸ ਰੋਸ ਪ੍ਰਦਰਸ਼ਨ ਨੂੰ ਸੁਰਜੀਤ ਕੌਰ, ਭਿੰਦਰ ਕੌਰ, ਪਰਮਿੰਦਰ ਕੌਰ, ਜਸਬੀਰ ਸਿੰਘ, ਅਮਰਜੀਤ ਕੌਰ, ਆਸ਼ਾ ਰਾਣੀ, ਸੁਮਨ ਬਾਲਾ, ਅੰਜੂ ਮਹਿਤਾ, ਨਿਰਮਲ ਕੌਰ ਅਤੇ ਧੀਰਜ ਬਾਲਾ ਆਦਿ ਨੇ ਵੀ ਸੰਬੋਧਨ ਕੀਤਾ। ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਸਬੰਧੀ ਜ਼ਿਲਾ ਪ੍ਰਧਾਨ ਸੁਭਾਸ਼ ਰਾਣੀ ਨੇ ਐੱਮ. ਪੀ. ਰਵਨੀਤ ਸਿੰਘ ਬਿੱਟੂ ਦੇ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਅਤੇ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਯੂਨੀਅਨ ਵੱਲੋਂ ਐੱਮ. ਪੀ. ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। ਰਵਨੀਤ ਸਿੰਘ ਬਿੱਟੂ ਨੇ ਆਂਗਣਵਾੜੀ ਵਰਕਰਾਂ ਨੂੰ ਇਹ ਯਕੀਨ ਦੁਆਇਆ ਕਿ ਇਸ ਸਬੰਧੀ ਉਹ ਸੰਸਦ ਵਿਚ ਵੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲ ਕਰਨਗੇ।