ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ ਇਲਾਜ: ਰਵਨੀਤ ਬਿੱਟੂ

Sunday, May 31, 2026 - 10:18 PM (IST)

ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ ਇਲਾਜ: ਰਵਨੀਤ ਬਿੱਟੂ

ਗੁਰਦਾਸਪੁਰ (ਹਰਮਨ) - ਕੇਂਦਰੀ ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਹਾਲ ਹੀ ਵਿਚ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕੀਤੇ ਪੰਜਾਬ ਪੁਲਸ ਦੇ ਏ. ਐੱਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਸ਼ਹੀਦ ਪੁਲਸ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿਚ ਕੇਂਦਰ ਸਰਕਾਰ ਅਤੇ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਅਤੇ ਪੁਲਸ ਮੁਲਾਜ਼ਮਾਂ ਦੇ ਕਤਲ ਕਰਨ ਵਾਲੇ ਗੈਂਗਸਟਰਾਂ ਨਾਲ ਸਖ਼ਤੀ ਨਾਲ ਹੀ ਨਜਿੱਠਿਆ ਜਾ ਸਕਦਾ ਹੈ। ਉਨ੍ਹਾਂ ਤਿੱਖੇ ਸ਼ਬਦਾਂ ਵਿਚ ਕਿਹਾ ਕਿ “ਅਜਿਹੇ ਗੈਂਗਸਟਰਾਂ ਨੂੰ ਚਿੜੀਆ ਘਰ ਵਿਚ ਸਜਾ ਕੇ ਨਹੀਂ ਰੱਖਿਆ ਜਾ ਸਕਦਾ, ਸਗੋਂ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਮਿਸਾਲੀ ਸਜ਼ਾਵਾਂ ਦੇਣੀਆਂ ਲਾਜ਼ਮੀ ਹਨ।” ਉਨ੍ਹਾਂ ਕਿਹਾ ਕਿ ਸ਼ਹੀਦ ਏਐਸਆਈ ਜੋਗਾ ਸਿੰਘ ਦੇ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।

ਬਿੱਟੂ ਨੇ ਕਿਹਾ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਲਗਾਤਾਰ ਦੇਸ਼ ਅਤੇ ਖ਼ਾਸ ਕਰਕੇ ਸਰਹੱਦੀ ਸੂਬੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕੋਝੀਆਂ ਸਾਜ਼ਿਸ਼ਾਂ ਰਚਦੀ ਰਹਿੰਦੀ ਹੈ, ਪਰ ਉਸਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਰਹੱਦੀ ਇਲਾਕਿਆਂ ਵਿਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਹੋ ਚੁੱਕੀਆਂ ਹਨ, ਪਰ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰ ਚੁਣੌਤੀ ਦਾ ਡਟ ਕੇ ਮੁਕਾਬਲਾ ਕਰਨ ਲਈ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਅੰਤ ਵਿਚ ਰਵਨੀਤ ਸਿੰਘ ਬਿੱਟੂ ਨੇ ਸ਼ਹੀਦ ਏ. ਐੱਸ. ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁੜ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਦਿੱਤੀ ਗਈ ਇਹ ਕੁਰਬਾਨੀ ਹਮੇਸ਼ਾ ਯਾਦ ਰੱਖੀ ਜਾਵੇਗੀ ਅਤੇ ਸਰਕਾਰ ਪੀੜਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।


author

Inder Prajapati

Content Editor

Related News